ਚੰਡੀਗੜ੍ਹ, 05 ਅਕਤੂਬਰ 2024: ਕਾਂਗਰਸ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਅੱਜ ਮਹਾਰਾਸ਼ਟਰ ਦੇ ਕੋਲਹਾਪੁਰ ਪਹੁੰਚੇ | ਇਸ ਦੌਰਾਨ ਰਾਹੁਲ ਗਾਂਧੀ ਨੇ ਸੰਵਿਧਾਨ ਨੂੰ ਲੈ ਕੇ ਬਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਰੱਖਿਆ ਲਈ ਰਾਖਵੇਂਕਰਨ ਦੀ ਮੌਜੂਦਾ 50 ਫੀਸਦੀ ਸੀਮਾ ਨੂੰ ਹਟਾਉਣਾ ਜ਼ਰੂਰੀ ਹੈ। ਕੋਲਹਾਪੁਰ ‘ਚ ‘ਸੰਵਿਧਾਨ ਸਨਮਾਨ ਸੰਮੇਲਨ’ ‘ਚ ਬੋਲਦਿਆਂ ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਅਤੇ ਇੰਡੀਆ ਬਲਾਕ ਇਸ 50 ਫੀਸਦੀ ਦੀ ਸੀਮਾ ਨੂੰ ਹਟਾਉਣ ਲਈ ਕਾਨੂੰਨ ਪਾਸ ਕਰਨ ਨੂੰ ਯਕੀਨੀ ਬਣਾਉਣਗੇ।
ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਅਸੀਂ ਲੋਕ ਸਭਾ ਅਤੇ ਰਾਜ ਸਭਾ ‘ਚ ਜਾਤੀ ਜਨਗਣਨਾ ਸਬੰਧੀ ਕਾਨੂੰਨ ਪਾਸ ਕਰਵਾਉਣਾ ਯਕੀਨੀ ਬਣਾਵਾਂਗੇ ਅਤੇ ਕੋਈ ਤਾਕਤ ਇਸ ਨੂੰ ਰੋਕ ਨਹੀਂ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਸਕੂਲਾਂ ‘ਚ ਦਲਿਤਾਂ ਜਾਂ ਪਛੜੀਆਂ ਸ਼੍ਰੇਣੀਆਂ ਦਾ ਇਤਿਹਾਸ ਨਹੀਂ ਪੜ੍ਹਾਇਆ ਜਾ ਰਿਹਾ ਹੈ, ਉਨ੍ਹਾਂ ਦੋਸ਼ ਲਾਇਆ ਕਿ ਹੁਣ ਉਸ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Read More: IND vs PAK: ਮਹਿਲਾ ਟੀ-20 ਵਿਸ਼ਵ ਕੱਪ ‘ਚ ਭਲਕੇ ਪਾਕਿਸਤਾਨ ਨਾਲ ਭਿੜੇਗੀ ਭਾਰਤ
ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ ਕੀਤਾ। ਰਾਹੁਲ ਨੇ ਆਪਣੇ ਸੰਬੋਧਨ ‘ਚ ਮਾਲਵਨ ‘ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦੇ ਢਹਿ ਜਾਣ ‘ਤੇ ਭਾਜਪਾ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ‘ਲੋਕਾਂ ਨੂੰ ਡਰਾ ਕੇ ਅਤੇ ਸੰਵਿਧਾਨ ਅਤੇ ਸੰਸਥਾਵਾਂ ਨੂੰ ਤਬਾਹ ਕਰਨ ਤੋਂ ਬਾਅਦ ਸ਼ਿਵਾਜੀ ਮਹਾਰਾਜ ਅੱਗੇ ਝੁਕਣ ਦਾ ਕੋਈ ਫਾਇਦਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਜੇਕਰ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਸ਼ਾਹੂ ਮਹਾਰਾਜ ਵਰਗੇ ਲੋਕ ਨਾ ਹੁੰਦੇ ਤਾਂ ਸੰਵਿਧਾਨ ਨਾ ਹੁੰਦਾ। ਰਾਹੁਲ ਗਾਂਧੀ ਨੇ ਕਿਹਾ ਕਿ ‘ਭਾਰਤੀ ਸੰਵਿਧਾਨ ਸ਼ਿਵਾਜੀ ਮਹਾਰਾਜ ਦੇ ਵਿਚਾਰਾਂ ਦਾ ਪ੍ਰਗਟਾਵਾ ਹੈ। ਛਤਰਪਤੀ ਸ਼ਿਵਾਜੀ ਮਹਾਰਾਜ ਦਾ ਦੁਨੀਆ ਨੂੰ ਸੰਦੇਸ਼ ਸੀ ਕਿ ਦੇਸ਼ ਸਭ ਦਾ ਹੈ।