ਪਟਿਆਲਾ, 29 ਅਗਸਤ:2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ ਜ਼ਿਲ੍ਹੇ ਦੀਆਂ ਹੜ੍ਹਾਂ ਨਾਲ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਲਈ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੂੰ ਨਾਲ ਲੈਕੇ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕੀਤੀ।
ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕਾਂ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਨੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਜਾਣੂ ਕਰਵਾਇਆ ਕਿ ਪੰਜਾਬ ਵਿੱਚ ਪਿਛਲੇ ਦਿਨੀਂ ਆਏ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਵੀ ਸੜਕਾਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਚੋਖਾ ਨੁਕਸਾਨ ਹੋਇਆ ਹੈ।
ਸ. ਜੌੜਾਮਾਜਰਾ ਨੇ ਦੱਸਿਆ ਕਿ ਹੜ੍ਹਾਂ ਨੇ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ, ਸਨੌਰ, ਸਮਾਣਾ ਅਤੇ ਸ਼ੁਤਰਾਣਾ ਦੇ ਵਿੱਚ ਕਾਫ਼ੀ ਜਿਆਦਾ ਨੁਕਸਾਨ ਕੀਤਾ ਹੈ ਜਿਸ ਕਰਕੇ ਪਿੰਡਾਂ ਨੂੰ ਜੋੜਦੀਆਂ ਸੰਪਰਕ ਸੜਕਾਂ ਤੇ ਮੁੱਖ ਸੜਕਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨੁਕਸਾਨੇ ਜਾਣ ਕਰਕੇ ਲੋਕਾਂ ਨੂੰ ਬਹੁਤ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਨ੍ਹਾਂ ਸੜਕਾਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ।
ਇਸ ‘ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣੇ ਤੌਰ ‘ਤੇ ਹੀ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਕੀਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਅੰਦਰ ਵੀ ਨੁਕਸਾਨੀਆਂ ਸੜਕਾਂ ਤੇ ਪੁੱਲਾਂ ਆਦਿ ਬਾਰੇ ਅਨੁਮਾਨ ਪ੍ਰਾਪਤ ਹੋ ਚੁੱਕੇ ਹਨ ਅਤੇ ਇਨ੍ਹਾਂ ਦੀ ਮੁਰੰਮਤ ਤੇ ਖ਼ਤਮ ਹੋਈਆਂ ਸੜਕਾਂ ਦੁਬਾਰਾ ਬਣਾਉਣ ਦਾ ਕੰਮ ਜੰਗੀ ਪੱਧਰ ‘ਤੇ ਬਹੁਤ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਆਪਣੇ ਸਰੋਤਾਂ ਨਾਲ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾਵੇਗਾ ਉਥੇ ਹੀ ਕੇਂਦਰ ਸਰਕਾਰ ਤੋਂ ਵੀ ਵੱਧ ਤੋਂ ਵੱਧ ਮਦਦ ਲੈ ਕੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣ ਲਈ ਯਤਨ ਜਾਰੀ ਹਨ।
ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕਾਂ ਦਾ ਖੁਦ ਖਿਆਲ ਰੱਖ ਰਹੇ ਹਨ। ਇਸ ਮੌਕੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਸ. ਕੁਲਵੰਤ ਸਿੰਘ ਸ਼ੁਤਰਾਣਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਵੀ ਜਲਦੀ ਹੀ ਕਰਵਾਇਆ ਜਾਵੇਗਾ।