ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 07 ਜਨਵਰੀ 2025: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸਵਾੜਾ-ਸੈਦਪੁਰ-ਗਿਦੜਪੁਰ-ਚੰਡਿਆਲਾ ਮਾਰਗ ਨੂੰ ਚੌੜਾ ਕਰਨ ਅਤੇ ਇਸ ਦੇ ਨਵੀਨੀਕਰਨ ਦੇ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਾਡੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਅਹਿਮ ਮਾਰਗ ਦੀ ਕੁੱਲ ਲੰਬਾਈ 5.09 ਕਿਲੋਮੀਟਰ ਹੈ, ਜਿਸ ਨੂੰ ਹੁਣ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਤਾਂ ਜੋ ਆਵਾਜਾਈ ‘ਚ ਆ ਰਹੀਆਂ ਦਿੱਕਤਾਂ ਨੂੰ ਦੂਰ ਕੀਤਾ ਜਾ ਸਕੇ।
ਉਨ੍ਹਾਂ ਨੇ ਪ੍ਰੋਜੈਕਟ ਦੀਆਂ ਤਕਨੀਕੀ ਬਾਰੀਕੀਆਂ ਬਾਰੇ ਦੱਸਿਆ ਕਿ ਇਸ ਪੂਰੇ ਕਾਰਜ ‘ਤੇ ਲਗਭੱਗ 2 ਕਰੋੜ 92 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ‘ਚੋਂ 2.75 ਕਰੋੜ ਰੁਪਏ ਸੜਕ ਬਣਾਉਣ ਅਤੇ ਬਾਕੀ 17 ਲੱਖ ਰੁਪਏ ਸੜਕ ਦੇ ਪੰਜ ਸਾਲਾਂ ਦੇ ਰੱਖ ਰਖਾਅ ‘ਤੇ ਖਰਚ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਹ ਸੜਕ ਸਾਲ 2017 ‘ਚ ਬਣੀ ਸੀ ਅਤੇ ਲੰਮੇ ਸਮੇਂ ਤੋਂ ਮੁਰੰਮਤ ਦੀ ਉਡੀਕ ‘ਚ ਸੀ। ਇਸ ਸੜਕ ਦੇ ਲਗਭੱਗ 1 ਕਿਲੋਮੀਟਰ ਹਿੱਸੇ ਨੂੰ ਪੇਵਰ ਬਲਾਕ ਅਤੇ ਬਾਕੀ ਦੇ 4 ਕਿਲੋਮੀਟਰ ਹਿੱਸੇ ਨੂੰ ਲੁੱਕ ਨਾਲ ਬਣਾਇਆ ਜਾਵੇਗਾ। ਹੁਣ ਇਸ ਸੜਕ ਨੂੰ ਬਣਾਉਣ ਦਾ ਕੰਮ ਅਗਲੇ 6 ਮਹੀਨਿਆਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ 3 ਵਰ੍ਹਿਆਂ ਤੋਂ ਵੀ ਵੱਧ ਸਮੇਂ ਤੋਂ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਵਿਕਾਸ ਦੀ ਰਫਤਾਰ ਹੋਰ ਤੇਜ਼ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਦੇ ਨਾਲ ਹੀ ਪਿਛਲੇ ਲੰਬੇ ਸਮੇਂ ਤੋਂ ਲਮਕਦੇ ਮਸਲਿਆਂ ਦਾ ਸਥਾਈ ਹੱਲ ਕੀਤਾ ਜਾ ਰਿਹਾ, ਜਿਸ ਕਰਕੇ ਹੁਣ ਵਿਰੋਧੀ ਪਾਰਟੀ ਦੇ ਆਗੂਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ ਬੋਲਣ ਦੇ ਲਈ ਕੁਝ ਵੀ ਬਾਕੀ ਨਹੀਂ ਬਚਿਆ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਵਰਕਰ ਅਤੇ ਵੱਡੇ ਅਹੁਦੇਦਾਰ ਲਗਾਤਾਰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਇਹ ਸਭ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਵਾਧਾ ਕਰ ਰਹੇ ਹਨ।
Read More: ਵਿਧਾਇਕ ਕੁਲਵੰਤ ਸਿੰਘ ਨੇ DIG ਬਣੇ ਹਰਪ੍ਰੀਤ ਸਿੰਘ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ




