Site icon TheUnmute.com

ਟਰਾਂਸਪੋਰਟ ਵਿਭਾਗ ਦੀ ਆਮਦਨ ‘ਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 04 ਅਪ੍ਰੈਲ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਇੱਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਵਿੱਤੀ ਵਰ੍ਹੇ 2021-22 ਦੇ ਮੁਕਾਬਲੇ 2022-23 ਦੌਰਾਨ ਆਪਣੀ ਆਮਦਨ ਵਿੱਚ 661.51 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਘੇ ਵਿੱਤੀ ਵਰ੍ਹੇ ਦੌਰਾਨ ਵਿਭਾਗ ਨੂੰ ਆਪਣੇ ਤਿੰਨਾਂ ਵਿੰਗਾਂ ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ), ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਤੋਂ 4139.59 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ, ਜੋ ਵਿੱਤੀ ਵਰ੍ਹੇ 2021-22 ਦੌਰਾਨ 3478.08 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਆਮਦਨ ਵਿੱਚ ਇਹ ਵਾਧਾ 19.01 ਫ਼ੀਸਦੀ ਬਣਦਾ ਹੈ।

ਕੈਬਨਿਟ ਮੰਤਰੀ ਨੇ ਵਿੰਗ-ਵਾਰ ਵੇਰਵੇ ਦਿੰਦਿਆਂ ਦੱਸਿਆ ਕਿ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ ਅਪ੍ਰੈਲ 2021 ਤੋਂ ਮਾਰਚ 2022 ਤੱਕ ਕੁੱਲ 2358.96 ਕਰੋੜ ਰੁਪਏ ਦੀ ਆਮਦਨ ਹੋਈ ਸੀ, ਜੋ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 2631.18 ਕਰੋੜ ਰੁਪਏ ਹੋ ਗਈ। ਉਨ੍ਹਾਂ ਕਿਹਾ ਕਿ 272.22 ਕਰੋੜ ਰੁਪਏ ਦਾ ਇਹ ਵਾਧਾ 11.53 ਫ਼ੀਸਦੀ ਬਣਦਾ ਹੈ।

ਟਰਾਂਸਪੋਰਟ ਮੰਤਰੀ (Laljit Singh Bhullar) ਨੇ ਦੱਸਿਆ ਕਿ ਇਸੇ ਤਰ੍ਹਾਂ ਪੀ.ਆਰ.ਟੀ.ਸੀ. ਨੇ ਵਿੱਤੀ ਵਰ੍ਹੇ 2022-23 ਦੌਰਾਨ 235.49 ਕਰੋੜ ਰੁਪਏ ਦੇ ਵਾਧੇ ਨਾਲ 807.53 ਕਰੋੜ ਰੁਪਏ ਕਮਾਈ ਕੀਤੀ ਜਦਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਇਹ ਆਮਦਨ 572.04 ਕਰੋੜ ਰੁਪਏ ਸੀ। ਉਨ੍ਹਾਂ ਦੱਸਿਆ ਕਿ ਇਹ ਵਾਧਾ 41.16 ਫ਼ੀਸਦੀ ਬਣਦਾ ਹੈ।

ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ ਦੀ ਆਮਦਨ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅਪ੍ਰੈਲ 2021 ਤੋਂ ਮਾਰਚ 2022 ਤੱਕ ਪੰਜਾਬ ਰੋਡਵੇਜ਼/ਪਨਬੱਸ ਨੇ 547.08 ਕਰੋੜ ਰੁਪਏ ਦੀ ਕਮਾਈ ਕੀਤੀ। ਇਹ ਆਮਦਨ ਵਿੱਤੀ ਵਰ੍ਹੇ 2022-23 ਦੌਰਾਨ ਵਧ ਕੇ 700.88 ਕਰੋੜ ਰੁਪਏ ਹੋ ਗਈ। ਉਨ੍ਹਾਂ ਦੱਸਿਆ ਕਿ 153.80 ਕਰੋੜ ਰੁਪਏ ਦਾ ਇਹ ਵਾਧਾ 28.11 ਫ਼ੀਸਦੀ ਬਣਦਾ ਹੈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਟਰਾਂਸਪੋਰਟ ਵਿਭਾਗ ਤਰੱਕੀ ਦੀ ਰਾਹ ‘ਤੇ ਹੈ ਅਤੇ ਇਸ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਵਿਭਾਗ ਨੂੰ ਨਵੀਆਂ ਬੁਲੰਦੀਆਂ’ ਤੇ ਪਹੁੰਚਾਇਆ ਜਾਵੇਗਾ।

Exit mobile version