July 7, 2024 5:46 am
Rupnagar

ਰੂਪਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਤਲਾਸ਼ੀ ਮੁਹਿੰਮ, ਵੱਖ-ਵੱਖ ਥਾਵਾਂ ‘ਤੇ ਕੀਤੀ ਚੈਕਿੰਗ

ਰੂਪਨਗਰ 17 ਸਤੰਬਰ 2022: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸੂਬੇ ਵਿਚ ਸਰਚ ਓਪਰੇਸ਼ਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਰੂਪਨਗਰ (Rupnagar) ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਡੀ.ਆਈ.ਜੀ. ਸ. ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਡਾ. ਸੰਦੀਪ ਗਰਗ ਦੀ ਅਗਵਾਈ ਵਿੱਚ ਰੂਪਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਸ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਪੰਜਾਬ ਦੀ ਇੱਕ ਵੱਡੀ ਸਮੱਸਿਆ ਹੈ। ਪਰ ਪਿਛਲੇ ਸਮੇਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਨਸ਼ਿਆਂ ਨੂੰ ਰੋਕਣ ਵਿਚ ਵੱਡੀਆਂ ਸਫਲਤਾਵਾਂ ਵੀ ਪ੍ਰਾਪਤ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸੇ ਉਦੇਸ਼ ਨੂੰ ਮੱਦੇਨਜ਼ਰ ਰੱਖਦਿਆਂ ਰੂਪਨਗਰ ਪੁਲਿਸ ਵੱਲੋਂ ਵੀ ਸੰਵੇਦਨਸ਼ੀਲ ਅਤੇ ਹਾਟ- ਸਪਾਟ ਖੇਤਰਾਂ ਵਿੱਚ ਇਹ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਸ਼ੱਕੀ ਵਿਅਕਤੀਆਂ ਦੀਆਂ ਰਿਹਾਇਸ਼ਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਕੀਤੀ ਗਈ।

ਇਸ ਮੁਹਿੰਮ ਵਿੱਚ ਇਹ ਦੇਖਿਆ ਗਿਆ ਕਿ ਕਿਤੇ ਕੋਈ ਬਾਹਰੀ ਸ਼ਰਾਰਤੀ ਅਨਸਰ ਤਾਂ ਜ਼ਿਲ੍ਹੇ ਵਿੱਚ ਨਹੀਂ ਰਹਿ ਰਿਹਾ ਜੇ ਰਹਿ ਰਿਹਾ ਤਾਂ ਉਹ ਕਿੱਥੋਂ ਆਇਆ ਤੇ ਉਸ ਦੀ ਆਮਦਨ ਦਾ ਸ੍ਰੋਤ ਕੀ ਹੈ, ਇਹ ਸਭ ਦੀ ਪੜਤਾਲ ਚੰਗੀ ਤਰ੍ਹਾਂ ਕੀਤੀ ਗਈ।ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹੇ ਅਲਾਟ ਕਰਕੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਜੇ ਕੋਈ ਨਸ਼ਾ ਵੇਚੇਗਾ ਤਾਂ ਉਸ ਖਿਲਾਫ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਅਤੇ ਜ਼ਿਲ੍ਹਾ ਪੁਲਿਸ ਮੁੱਖੀ ਡਾ. ਸੰਦੀਪ ਗਰਗ ਨੇ ਆਪਣੇ ਜ਼ਿਲ੍ਹੇ ਦੀ ਪੂਰੀ ਟੀਮ ਨਾਲ ਇਸ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ।