ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਤੋਂ ਮੁਕਰ ਜਾਣ ਦੇ ਰੋਸ ਵਜੋਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਸੂਬਾਈ ਸੱਦੇ ਤਹਿਤ ਅੱਜ ਪੰਜਾਬ ਵੱਖ ਵੱਖ ਪਿੰਡਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜਨ ਤੇ ਰੋਸ਼ ਪ੍ਰਦਰਸ਼ਨ ਦਾ ਸੱਦਾ ਦਿੱਤਾ |
ਇਸਦੇ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਮੁਜ਼ਾਹਰੇ ਕੀਤੇ ਗਏ । ਇਸ ਦੌਰਾਨ ਮਜ਼ਦੂਰ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਵਾਅਦਾ ਖਿਲਾਫੀ ਵਿਰੁੱਧ 12 ਅਕਤੂਬਰ ਨੂੰ ਵੀ ਪਿੰਡਾਂ ‘ਚ ਅਰਥੀਆਂ ਸਾੜੀਆਂ ਜਾਣਗੀਆਂ ਅਤੇ ਜੇਕਰ ਫਿਰ ਵੀ ਮੁੱਖ ਮੰਤਰੀ ਵੱਲੋਂ ਮੀਟਿੰਗ ਕਰਕੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ 18 ਅਕਤੂਬਰ ਨੂੰ ਸੰਗਰੂਰ ਦੇ ਪਿੰਡ ਕਾਲਵਣਜਾਰਾ ਵਿਖੇ ਮੁੱਖ ਮੰਤਰੀ ਦੇ ਉਦਘਾਟਨੀ ਸਮਾਗਮ ਸਮੇਂ ਤਿੱਖਾ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।
ਵਰਨਣਯੋਗ ਹੈ ਕਿ ਮਜ਼ਦੂਰ ਜਥੇਬੰਦੀਆਂ ਵੱਲੋਂ 12 ਤੋ 14 ਸਤੰਬਰ ਤੱਕ ਮੁੱਖ਼ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਲਾਏ ਤਿੰਨ ਰੋਜ਼ਾ ਧਰਨੇ ਸਮੇਂ ਮੁੱਖ ਮੰਤਰੀ ਵੱਲੋਂ 3 ਅਕਤੂਬਰ ਨੂੰ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਤਹਿ ਕੀਤੀ ਸੀ ਜ਼ੋ ਬਾਅਦ ਵਿਧਾਨ ਸਭਾ ਦੇ ਇਜਲਾਸ ਬਹਾਨੇ ਬਦਲਵੀਂ ਤਾਰੀਖ਼ ਦਿੱਤੇ ਬਿਨਾਂ ਹੀ ਰੱਦ ਕਰ ਦਿੱਤੀ ਸੀ।
ਮਜ਼ਦੂਰ ਮੰਗ ਕਰ ਰਹੇ ਹਨ ਕਿ ਮਜ਼ਦੂਰਾਂ ਦੇ ਸਾਲ ਭਰ ਦੇ ਰੁਜ਼ਗਾਰ ਦੀ ਗਾਰੰਟੀ ਕਰਕੇ ਦਿਹਾੜੀ 700 ਰੁਪਏ ਕੀਤੀ ਜਾਵੇ, ਮਜ਼ਦੂਰਾਂ ਤੇ ਗਰੀਬ ਕਿਸਾਨਾਂ ਦਾ ਸਰਕਾਰੀ ਤੇ ਪ੍ਰਾਈਵੇਟ ਕਰਜਾ ਖਤਮ ਕੀਤਾ ਜਾਵੇ। ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਦੇਣ ਦੀ ਗਰੰਟੀ ਕੀਤੀ ਜਾਵੇ। ਗੁਲਾਬੀ ਸੁੰਡੀ ਕਾਰਨ ਨੁਕਸਾਨੇ ਨਰਮੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।