ਚੰਡੀਗੜ੍ਹ, 22 ਫਰਵਰੀ 2024: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਚੰਡੀਗੜ੍ਹ ਵਿੱਚ ਬੈਠਕ ਜਾਰੀ ਹੈ। ਜਿਸ ਵਿੱਚ ਦੇਸ਼ ਭਰ ਤੋਂ 100 ਤੋਂ ਵੱਧ ਕਿਸਾਨ ਆਗੂ ਪੁੱਜੇ। ਬੈਠਕ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਵਿੱਚ ਉਹ ਆਪਣੀ ਭਵਿੱਖ ਦੀ ਰਣਨੀਤੀ ਸਪੱਸ਼ਟ ਕੀਤੀ ਜਾਵੇਗੀ ।
ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਚੱਲ ਰਹੇ ਕਿਸਾਨ ਅੰਦੋਲਨ ਲਈ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਦੀ ਸਰਹੱਦ ‘ਤੇ ਗਲਤ ਤਰੀਕੇ ਨਾਲ ਰੋਕਿਆ ਜਾ ਰਿਹਾ ਹੈ। ਕਿਸਾਨਾਂ ਨੂੰ ਪਤਾ ਹੈ ਕਿ ਦਿੱਲੀ ਵਿੱਚ ਕਿੱਥੇ ਜਾ ਕੇ ਬੈਠਣਾ ਹੈ, ਉਹ ਸੰਸਦ ਦੇ ਅੰਦਰ ਨਹੀਂ ਜਾ ਰਹੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਸਿੱਖ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੇ ਗੰਨੇ ਦੇ ਭਾਅ ‘ਚ ਵਾਧੇ ਨਾਲ ਦੱਖਣ ਦੇ ਕਿਸਾਨਾਂ ਨੂੰ ਹੀ ਲਾਭ ਮਿਲੇਗਾ, ਹੋਰ ਕਿਸੇ ਨੂੰ ਫਾਇਦਾ ਨਹੀਂ ਹੋਵੇਗਾ। ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਫਸਲੀ ਸੀਜ਼ਨ (2024-25) ਲਈ ਗੰਨੇ ਦੇ ਵਾਜਬ ਤੇ ਲਾਭਕਾਰੀ ਮੁੱਲ (ਐੱਫਆਰਪੀ) ’ਚ 25 ਰੁਪਏ ਵਾਧੇ ਦਾ ਐਲਾਨ ਕੀਤਾ ਹੈ ਜਿਸ ਨਾਲ ਗੰਨੇ ਦਾ ਭਾਅ 340 ਰੁਪਏ ਪ੍ਰਤੀ ਕੁਇੰਟਲ ਹੋ ਜਾਵੇਗਾ।