ਚੰਡੀਗੜ੍ਹ, 15 ਜਨਵਰੀ 2024: ਪੰਜਾਬ ਕੈਬਿਨਟ ਮੰਤਰੀ ਅਮਨ ਅਰੋੜਾ (Aman Arora) ਵੱਲੋਂ ਸੰਗਰੂਰ ਅਦਾਲਤ ਵਿੱਚ ਸਜ਼ਾ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਹੋਣੀ ਹੈ। ਇਸ ਦੇ ਨਾਲ ਹੀ ਅਮਨ ਅਰੋੜਾ ਨੂੰ ਗਣਤੰਤਰ ਦਿਵਸ ‘ਤੇ ਝੰਡਾ ਲਹਿਰਾਉਣ ਤੋਂ ਰੋਕਣ ਲਈ ਦਾਇਰ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਅਮਨ ਅਰੋੜਾ ਨੂੰ 21 ਦਸੰਬਰ 2023 ਨੂੰ ਪਰਿਵਾਰਕ ਝਗੜੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦੋ ਸਾਲ ਦੀ ਸਜ਼ਾ ਸੁਣਾਈ ਗਈ ਸੀ।
ਅਮਨ ਅਰੋੜਾ (Aman Arora) ਨੇ ਇਸ ਸਜ਼ਾ ‘ਤੇ ਨਜ਼ਰਸਾਨੀ ਲਈ ਸੰਗਰੂਰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਦੂਜੇ ਪਾਸੇ ਅਮਨ ਅਰੋੜਾ ਵੱਲੋਂ ਅੰਮ੍ਰਿਤਸਰ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਸ ਵਿਰੁੱਧ ਇਕ ਨੋਟਿਸ ਐਡਵੋਕੇਟ ਡਾ: ਐਚ.ਸੀ ਅਰੋੜਾ ਵੱਲੋਂ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ। ਹੁਣ ਪੰਜਾਬ ਹਰਿਆਣਾ ਹਾਈਕੋਰਟ ਉਸ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ।
ਇਸ ਪਟੀਸ਼ਨ ‘ਚ ਉਨ੍ਹਾਂ ਨੇ 2013 ‘ਚ ਲਿਲੀ ਥਾਮਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਮੁਤਾਬਕ ਕਾਰਵਾਈ ਕਰਨ ਲਈ ਕਿਹਾ ਹੈ। ਲਿਲੀ ਥਾਮਸ ਮਾਮਲੇ ‘ਚ 2013 ‘ਚ ਹੁਕਮ ਦਿੱਤੇ ਗਏ ਸਨ ਕਿ ਜੇਕਰ ਕੋਈ ਮੰਤਰੀ ਜਾਂ ਵਿਧਾਇਕ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਮੰਤਰੀ ਦੇ ਅਹੁਦੇ ਤੋਂ ਹਟਾਉਣਾ ਹੋਵੇਗਾ। ਇਸ ਦੇ ਬਾਵਜੂਦ ਅਮਨ ਅਰੋੜਾ ਮੰਤਰੀ ਬਣੇ ਹੋਏ ਹਨ। ਉਸ ਨੂੰ ਇਸ ਸਜ਼ਾ ਵਿਰੁੱਧ ਕੋਈ ਸਟੇਅ ਵੀ ਨਹੀਂ ਮਿਲੀ ਹੈ।