ਚੰਡੀਗੜ੍ਹ, 19 ਜਨਵਰੀ 2024: ਰਾਹੁਲ ਗਾਂਧੀ (Rahul Gandhi) ਦੀ ਸੰਸਦ ਮੈਂਬਰੀ ਬਹਾਲੀ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। ਦਰਅਸਲ, ਪਟੀਸ਼ਨ ਵਿੱਚ ਲੋਕ ਸਭਾ ਸਕੱਤਰੇਤ ਵੱਲੋਂ 7 ਅਗਸਤ 2023 ਨੂੰ ਜਾਰੀ ਉਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਰਾਹੀਂ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕੀਤੀ ਗਈ ਸੀ।
ਪਟੀਸ਼ਨ ‘ਚ ਮੰਗ ਕੀਤੀ ਗਈ ਸੀ ਕਿ ਸੁਪਰੀਮ ਕੋਰਟ ਨੇ ਸਿਰਫ਼ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਾਈ ਸੀ । ਰਾਹੁਲ ਗਾਂਧੀ ਨੂੰ ਅਜੇ ਤੱਕ ਦੋਸ਼ਾਂ ਤੋਂ ਬਰੀ ਨਹੀਂ ਕੀਤਾ ਗਿਆ ਹੈ। ਅਜਿਹੇ ‘ਚ ਉਨ੍ਹਾਂ ਦੀ ਸੰਸਦ ਮੈਂਬਰਸ਼ਿਪ ਬਹਾਲ ਕਰਨ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਬੀ.ਆਰ.ਗਵਈ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ ਅਜਿਹੀ ਪਟੀਸ਼ਨ ਦਾਇਰ ਕਰਨ ਨਾਲ ਨਾ ਸਿਰਫ਼ ਅਦਾਲਤ ਦਾ ਸਗੋਂ ਰਜਿਸਟਰੀ ਵਿਭਾਗ ਦਾ ਵੀ ਕੀਮਤੀ ਸਮਾਂ ਬਰਬਾਦ ਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨਰ ‘ਤੇ 1 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।
ਰਾਹੁਲ ਗਾਂਧੀ ਮਾਣਹਾਨੀ ਦੇ ਮਾਮਲੇ ‘ਚ ਸੰਸਦ ਦੀ ਮੈਂਬਰਸ਼ਿਪ ਗੁਆ ਚੁੱਕੇ ਹਨ
ਦਰਅਸਲ, ਰਾਹੁਲ ਗਾਂਧੀ (Rahul Gandhi) ਵੱਲੋਂ ਮੋਦੀ ਸਰਨੇਮ ਨੂੰ ਲੈ ਕੇ ਕੀਤੀ ਗਈ ਟਿੱਪਣੀ ਕਾਰਨ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਗੁਜਰਾਤ ਦੀ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦਿਆਂ ਦੋ ਸਾਲ ਦੀ ਸਜ਼ਾ ਸੁਣਾਈ। ਦੋਸ਼ੀ ਠਹਿਰਾਏ ਜਾਣ ਕਾਰਨ ਰਾਹੁਲ ਗਾਂਧੀ ਨੂੰ ਸੰਸਦ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ।
ਇਸ ਦੇ ਖਿਲਾਫ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਜਿੱਥੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ। ਜਿਸ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਬਹਾਲ ਕਰ ਦਿੱਤੀ ਸੀ। ਲਖਨਊ ਦੇ ਵਕੀਲ ਅਸ਼ੋਕ ਪਾਂਡੇ ਨੇ ਲੋਕ ਸਭਾ ਸਕੱਤਰੇਤ ਦੇ ਇਸ ਨੋਟੀਫਿਕੇਸ਼ਨ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।