ਪਟਿਆਲਾ, 24 ਨਵੰਬਰ 2026: ਪਟਿਆਲਾ ਵਾਸੀਆਂ ਲਈ ਅਹਿਮ ਖ਼ਬਰ ਹੈ। ਸ਼ਹਿਰ ਵਿੱਚ 28 ਨਵੰਬਰ 2026 ਨੂੰ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਮੁੜ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਇੱਕ ਹੋਰ ਅਹਿਮ ਫੈਸਲਾ ਲਿਆ ਗਿਆ ਹੈ, ਜਿਸ ਤਹਿਤ ਪੋਲਿੰਗ ਸਟੇਸ਼ਨ ਬਣਨ ਵਾਲੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਵਿੱਚ ਛੁੱਟੀ ਰਹੇਗੀ।
ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਅਨੁਪ੍ਰਿਤਾ ਜੌਹਲ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 28 ਨਵੰਬਰ ਨੂੰ ਜਿਨ੍ਹਾਂ ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਵਿਭਾਗਾਂ ਦੀਆਂ ਇਮਾਰਤਾਂ ਨੂੰ ਪੋਲਿੰਗ ਸਟੇਸ਼ਨ ਵਜੋਂ ਵਰਤਿਆ ਜਾਣਾ ਹੈ, ਉੱਥੇ ਛੁੱਟੀ ਲਾਗੂ ਰਹੇਗੀ।
ਖ਼ਾਸ ਗੱਲ ਇਹ ਹੈ ਕਿ 28 ਨਵੰਬਰ ਨੂੰ ਸ਼ਨੀਵਾਰ ਹੈ ਅਤੇ ਇਸ ਤੋਂ ਅਗਲੇ ਦਿਨ ਐਤਵਾਰ ਹੋਣ ਕਾਰਨ ਇਨ੍ਹਾਂ ਸੰਸਥਾਵਾਂ ਵਿੱਚ ਲਗਾਤਾਰ ਦੋ ਦਿਨ ਦੀ ਛੁੱਟੀ ਰਹੇਗੀ।
ਦੱਸਣਯੋਗ ਹੈ ਕਿ ਪਟਿਆਲਾ ਨਗਰ ਨਿਗਮ ਦੇ ਕੁੱਲ 30 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿੱਚ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਸ਼ਾਮਲ ਹਨ।
ਪ੍ਰਸ਼ਾਸਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਚੋਣ ਅਮਲੇ ਦੀ ਤਾਇਨਾਤੀ, ਲੋੜੀਂਦੇ ਸਾਜ਼ੋ-ਸਾਮਾਨ ਅਤੇ ਹੋਰ ਬੁਨਿਆਦੀ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਤਾਂ ਜੋ ਵੋਟਿੰਗ ਪ੍ਰਕਿਰਿਆ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹ ਸਕੇ। ਕੁੱਲ ਮਿਲਾ ਕੇ 28 ਨਵੰਬਰ ਨੂੰ ਹੋਣ ਵਾਲੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਪਟਿਆਲਾ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਇਨ੍ਹਾਂ 30 ਵਾਰਡਾਂ ਦੇ ਵੋਟਰ ਕਿਸ ਉਮੀਦਵਾਰ ਦੇ ਹੱਕ ਵਿੱਚ ਆਪਣਾ ਫੈਸਲਾ ਸੁਣਾਉਂਦੇ ਹਨ।
READ MORE : ਫਰੀਦਕੋਟ: ਜਾਇਦਾਦ ਦੇ ਝਗੜੇ ‘ਚ ਪੁੱਤਰ ਨੇ ਪਿਤਾ ਦਾ ਗ.ਲਾ ਘੁੱਟ ਕੇ ਕੀਤਾ ਕ.ਤ.ਲ




