July 7, 2024 5:36 pm
Latifpura

SCO Summit: ਐੱਸ. ਜੈਸ਼ੰਕਰ ਅਤੇ ਚੀਨੀ ਵਿਦੇਸ਼ ਮੰਤਰੀ ਵਿਚਾਲੇ ਸਰਹੱਦੀ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 04 ਮਈ 2023: ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਹੋ ਰਹੀ ਹੈ। ਇਸ ‘ਚ ਹਿੱਸਾ ਲੈਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਪਹੁੰਚ ਚੁੱਕੇ ਹਨ। ਇਸ ਮੌਕੇ ਵਿਦੇਸ਼ ਮੰਤਰੀ ਐਸ ਜੈਸ਼ੰਕਰ (S. Jaishankar) ਨੇ ਆਪਣੇ ਚੀਨੀ ਹਮਰੁਤਬਾ ਕਿਨ ਗੈਂਗ ਨਾਲ ਦੁਵੱਲੀ ਗੱਲਬਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋਹਾਂ ਵਿਚਾਲੇ ਪੂਰਬੀ ਲੱਦਾਖ ‘ਚ LAC ‘ਤੇ ਚੱਲ ਰਹੇ ਸਰਹੱਦੀ ਵਿਵਾਦ ‘ਤੇ ਵੀ ਚਰਚਾ ਹੋਈ।

ਜਿਕਰਯੋਗ ਹੈ ਕਿ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਵਿਦੇਸ਼ ਮੰਤਰੀਆਂ ਦੀ ਕੌਂਸਲ ਦੀ ਬੈਠਕ ਤੋਂ ਇਲਾਵਾ, ਦੋਵਾਂ ਨੇਤਾਵਾਂ ਨੇ ਬੇਨਾਓਲੀਮ ਦੇ ਇੱਕ ਬੀਚ ਰਿਜੋਰਟ ਵਿੱਚ ਗੱਲਬਾਤ ਕੀਤੀ। ਪਿਛਲੇ ਦੋ ਮਹੀਨਿਆਂ ਵਿੱਚ ਐੱਸ. ਜੈਸ਼ੰਕਰ ਅਤੇ ਉਨ੍ਹਾਂ ਦੇ ਚੀਨੀ ਹਮਰੁਤਬਾ ਵਿਚਾਲੇ ਇਹ ਦੂਜੀ ਮੁਲਾਕਾਤ ਸੀ। ਇਸ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਮਾਰਚ ‘ਚ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਦੌਰਾਨ ਮੁਲਾਕਾਤ ਕੀਤੀ ਸੀ।

ਮੀਟਿੰਗ ਤੋਂ ਬਾਅਦ ਵਿਦੇਸ਼ ਮੰਤਰੀ ਐਸ.ਜੈਸ਼ੰਕਰ (S. Jaishankar) ਨੇ ਵੀ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਕਿਹਾ ਕਿ ਚੀਨ ਦੇ ਵਿਦੇਸ਼ ਮੰਤਰੀ ਕਿਨ ਗੈਂਗ ਨਾਲ ਸਾਡੇ ਦੁਵੱਲੇ ਸਬੰਧਾਂ ‘ਤੇ ਵਿਸਤ੍ਰਿਤ ਚਰਚਾ ਹੋਈ। ਇਸ ਦੌਰਾਨ ਸਰਹੱਦੀ ਖੇਤਰਾਂ ‘ਚ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਮਸਲਿਆਂ ਨੂੰ ਹੱਲ ਕਰਨ ‘ਤੇ ਵੀ ਚਰਚਾ ਹੋ। ਇਸ ਤੋਂ ਇਲਾਵਾ ਅਸੀਂ SCO, G20 ਅਤੇ BRICS ‘ਤੇ ਵੀ ਚਰਚਾ ਕੀਤੀ ਹੈ।

ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਆਪਣੇ ਟਵੀਟ ‘ਚ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਗੱਲਬਾਤ ਦੌਰਾਨ ਦੁਵੱਲੇ, ਗਲੋਬਲ ਅਤੇ ਬਹੁਪੱਖੀ ਸਹਿਯੋਗ ਦੀ ਵਿਆਪਕ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੀ ਐਸਸੀਓ ਪ੍ਰਧਾਨਗੀ ਲਈ ਰੂਸ ਦੇ ਸਮਰਥਨ ਦੀ ਵੀ ਸ਼ਲਾਘਾ ਕੀਤੀ।ਇਸ ਦੇ ਨਾਲ ਹੀ ਜੀ-20 ਅਤੇ ਬ੍ਰਿਕਸ ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।