June 30, 2024 3:30 pm

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ SDM ਦੀਪਾਂਕਰ ਗਰਗ ਵੱਲੋਂ ਮੁਹਿੰਮ ਦਾ ਜਾਇਜ਼ਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਫਰਵਰੀ 2024: ਐਸ.ਡੀ.ਐਮ ਦੀਪਾਂਕਰ ਗਰਗ (SDM Dipankar Garg) ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਬ ਡਵੀਜ਼ਨ ਮੋਹਾਲੀ ਦੇ ਪਿੰਡ ਨਾਨੂ ਮਾਜਰਾ, ਸੰਭਾਲਕੀ, ਸੁੱਖਗੜ੍ਹ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ।

ਐਸ.ਡੀ.ਐਮ (SDM Dipankar Garg) ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਇੱਕ ਸ਼ਾਨਦਾਰ ਉਪਰਾਲਾ ਹੈ ਜਿਸ ਨੂੰ ਜ਼ਿਲ੍ਹਾ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਹੁਣ ਤੱਕ ਹਜ਼ਾਰਾਂ ਲੋੜਵੰਦ ਲੋਕਾਂ ਨੇ ਵੱਖ-ਵੱਖ ਥਾਈਂ ਲੱਗੇ ਕੈਂਪਾਂ ਵਿੱਚ ਸ਼ਾਮਲ ਹੋ ਕੇ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਹੈ। ਉਨ੍ਹਾਂ ਇਸ ਮੌਕੇ ਅਜਿਹੀਆਂ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਬਾਰੇ ਵੀ ਜਾਇਜ਼ਾ ਲਿਆ ਜਿਹੜੀਆਂ ਬਿਨੈਕਾਰਾਂ ਨੂੰ ਮੌਕੇ ਉਤੇ ਹੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀਆਂ ਅਜਿਹੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਵਿਭਾਗੀ ਮੁਖੀਆਂ ਨੂੰ ਵੀ ਸਮੇਂ ਸਮੇਂ ਉਤੇ ਇਨ੍ਹਾਂ ਕੈਂਪਾਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਫੀਡਬੈਕ ਲੈਂਦੇ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।