Section 144

ਕਿਸਾਨਾਂ ਵੱਲੋਂ ਕੂਚ ਕਰਨ ਤੋਂ ਪਹਿਲਾਂ ਦਿੱਲੀ ‘ਚ ਧਾਰਾ 144 ਲਾਗੂ, ਟਰੈਕਟਰਾਂ ਦੀ ਐਂਟਰੀ ‘ਤੇ ਲਾਈ ਪਾਬੰਦੀ

ਚੰਡੀਗੜ੍ਹ,12 ਫਰਵਰੀ 2024: ਪੰਜਾਬ ਅਤੇ ਹਰਿਆਣਾ ਦੀਆਂ ਲਗਭਗ 26 ਕਿਸਾਨ ਜਥੇਬੰਦੀਆਂ ਦੇ 13 ਫਰਵਰੀ ਨੂੰ ਹੋਣ ਵਾਲੇ ਮਾਰਚ ਦੇ ਮੱਦੇਨਜ਼ਰ ਦਿੱਲੀ ਵਿੱਚ ਧਾਰਾ 144 ਲਾਗੂ (Section 144) ਕਰ ਦਿੱਤੀ ਗਈ ਹੈ। ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਨੇ ਇਸ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਬਾਅਦ ਦਿੱਲੀ ‘ਚ ਭੀੜ ਇਕੱਠੀ ਕਰਨ ‘ਤੇ ਪਾਬੰਦੀ ਹੈ। ਇਸਦੇ ਨਾਲ ਹੀ ਦਿੱਲੀ ਵਿੱਚ ਟਰੈਕਟਰਾਂ ਦੀ ਐਂਟਰੀ ਰੋਕ ਦਿੱਤੀ ਗਈ ਹੈ ਅਤੇ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਭਲਕੇ ਦਿੱਲੀ ਕੂਚ ਕਰਨ ਤੋਂ ਪਹਿਲਾਂ ਕਿਸਾਨਾਂ ਦੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਨੂੰ ਲੈ ਕੇ ਚੰਡੀਗੜ੍ਹ ‘ਚ ਸ਼ਾਮ 5 ਵਜੇ ਕੇਂਦਰੀ ਮੰਤਰੀਆਂ ਨਾਲ ਅਹਿਮ ਬੈਠਕ ਹੋਵੇਗੀ। ਜਿਸ ਵਿੱਚ ਪੀਯੂਸ਼ ਗੋਇਲ, ਅਰਜੁਨ ਮੁੰਡਾ, ਨਿਤਿਆਨੰਦ ਰਾਏ ਅਤੇ ਕਿਸਾਨ ਆਗੂ ਸ਼ਾਮਲ ਹੋਣਗੇ।

ਕਿਸਾਨਾਂ ਦੇ ਰੋਸ ਨੂੰ ਦੇਖਦਿਆਂ ਸ਼ੰਭੂ ਬਾਰਡਰ, ਖਨੌਰੀ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਮਿੰਟ ਦੀਆਂ ਸਲੈਬਾਂ, ਕੰਡਿਆਲੀਆਂ ਤਾਰਾਂ, ਨੱਕੇ ਪਾ ਕੇ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਵਿੱਚ ਦਿੱਲੀ ਨਾਲ ਲੱਗਦੀ ਸਿੰਘੂ ਅਤੇ ਟਿੱਕਰੀ ਸਰਹੱਦਾਂ ਨੂੰ ਵੀ ਸੀਮਿੰਟ ਦੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ।

ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਗਾਜ਼ੀਪੁਰ ਸਰਹੱਦ ‘ਤੇ ਵੀ ਲੋਹੇ ਦੇ ਬੈਰੀਕੇਡ ਲਗਾਏ ਗਏ ਹਨ। ਦਿੱਲੀ ਪੁਲਿਸ ਨੇ ਇੱਥੇ ਧਾਰਾ 144 ਲਾਗੂ (Section 144)  ਕਰ ਦਿੱਤੀ ਹੈ ਅਤੇ ਯੂਪੀ-ਹਰਿਆਣਾ ਜਾਣ ਵਾਲੇ ਵਾਹਨਾਂ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਸੋਮਵਾਰ ਸਵੇਰੇ ਯੂਪੀ ਨੂੰ ਦਿੱਲੀ ਨਾਲ ਜੋੜਨ ਵਾਲੇ ਨੈਸ਼ਨਲ ਹਾਈਵੇ-9 ਦੀ ਸਰਵਿਸ ਲੇਨ ਨੂੰ ਬੰਦ ਕਰ ਦਿੱਤਾ ਗਿਆ ਹੈ।

ਹਰਿਆਣਾ ਵਿੱਚ ਸਥਿਤੀ ਨੂੰ ਸੰਭਾਲਣ ਲਈ ਬੀਐਸਐਫ ਅਤੇ ਸੀਆਰਪੀਐਫ ਦੀਆਂ 64 ਕੰਪਨੀਆਂ ਭੇਜੀਆਂ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਨੇ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ।

Scroll to Top