ਸ੍ਰੀ ਗੁਰੂ ਤੇਗ਼ ਬਹਾਦਰ

ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਸੰਬੰਧੀ ਕਰਵਾਏ ਜਾਣਗੇ ਸੈਮੀਨਾਰ

ਚੰਡੀਗੜ੍ਹ, 22 ਅਕਤੂਬਰ 2025: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਹੁਕਮ ਦਿੱਤੇ ਹਨ। ਇਨ੍ਹਾਂ ‘ਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ |

ਹਰਜੋਤ ਸਿੰਘ ਬੈਂਸ ਵੱਲੋਂ ਸਾਰੇ ਉਪ-ਕੁਲਪਤੀਆਂ ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ‘ਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਗਿਆ ਹੈ।

ਸਿੱਖਿਆ ਮੰਤਰੀ ਨੇ ਵਾਈਸ ਚਾਂਸਲਰਾਂ ਅਤੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉੱਘੇ ਸਿੱਖ ਵਿਦਵਾਨਾਂ ਨੂੰ ਸੈਮੀਨਾਰਾਂ ਲਈ ਸੱਦਾ ਦੇਣ ਤਾਂ ਜੋ ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ, ਜਿਨ੍ਹਾਂ ਨੇ ਧਰਮ ਦੀ ਆਜ਼ਾਦੀ ਦੀ ਰਾਖੀ ਲਈ ਕੁਰਬਾਨੀ ਦਿੱਤੀ, ਉਨ੍ਹਾਂ ਦੀ ਮਹਾਨ ਸ਼ਹਾਦਤ ਬਾਰੇ ਜਾਗਰੂਕ ਕੀਤਾ ਜਾ ਸਕੇ। ਇਹ ਸੈਸ਼ਨ ਉਨ੍ਹਾਂ ਦੇ ਅਨਿੰਨ ਸੇਵਕਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ)- ਦੇ ਬੇਮਿਸਾਲ ਹੌਂਸਲੇ, ਦਲੇਰੀ ਅਤੇ ਅਟੁੱਟ ਵਿਸ਼ਵਾਸ ‘ਤੇ ਵੀ ਰੌਸ਼ਨੀ ਪਾਉਣਗੇ | ਇਨ੍ਹਾਂ ਦੀ ਗੁਰੂ ਜੀ ਪ੍ਰਤੀ ਸ਼ਰਧਾ ਦੇ ਕਿੱਸੇ ਇਤਿਹਾਸ ਦੇ ਸੁਨਹਿਰੀ ਪੰਨਿਆਂ ‘ਚ ਦਰਜ ਹਨ।

Read More: ਪੰਜਾਬ ਦੇ ਮੰਤਰੀਆਂ ਵੱਲੋਂ CM ਸਿੱਧਾਰਮੱਈਆ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ‘ਚ ਸ਼ਾਮਲ ਹੋਣ ਦਾ ਸੱਦਾ

Scroll to Top