ਚੰਡੀਗੜ੍ਹ, 13 ਫਰਵਰੀ 2024: ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਪ੍ਰਧਾਨ ਹਰਪਾਲ ਜੁਨੇਜਾ (Harpal Juneja) ਆਪ ‘ਚ ਸ਼ਾਮਲ ਹੋ ਗਏ ਹਨ। ਜਿਕਰਯੋਗ ਹੈ ਕਿ ਹਰਪਾਲ ਜੁਨੇਜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਟਿਆਲਾ ਸ਼ਹਿਰੀ ਸੀਟ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੇ ਸਨ ।
ਇਸਦੇ ਨਾਲ ਹੀ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਭੰਗੂ ਅਤੇ SOI ਦਾ ਸਾਬਕਾ ਪ੍ਰਧਾਨ ਤੇ ਨੌਜਵਾਨ ਆਗੂ ਗੁਰਸ਼ਰਨ ਸਿੰਘ ਛੀਨਾ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ । ਇਸ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਸਰਪੰਚ ਤੇ ਵਰਕਰ ਵੀ ਆਪ ‘ਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸਾਰਿਆਂ ਨੂੰ ‘ਆਪ’ ‘ਚ ਸ਼ਾਮਲ ਕਰਵਾਇਆ ਹੈ।