ਚੰਡੀਗੜ੍ਹ, 5 ਜੁਲਾਈ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਲੋਕ ਸਭਾ ਮੈਂਬਰ ਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਬੈਠਕ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ‘ਤੇ ਹੋਏ ਵਿਵਾਦ ਤੋਂ ਬਾਅਦ ਕੰਗਣਾ ਰਣੌਤ ਵੱਲੋਂ ਸਿੱਖਾਂ ਬਾਰੇ ਕਹੇ ਗਏ ਸ਼ਬਦਾਂ ਦੇ ਆਧਾਰ ‘ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਵਿਵਾਦ ਤੋਂ ਬਾਅਦ ਸਿੱਖ ਲੜਕੀ ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ (Kulwinder Kaur) ਦਾ ਤਬਾਦਲਾ ਕਰ ਦਿੱਤਾ ਗਿਆ ਸੀ ਪਰ ਕੰਗਨਾ ਰਣੌਤ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ।
ਇਸ ਦੇ ਨਾਲ ਹੀ ਉਨ੍ਹਾਂ (SGPC) ਨੇ ਹਿਮਾਚਲ ਪ੍ਰਦੇਸ਼ (Himachal Pradesh) ‘ਚ ਪੰਜਾਬੀਆਂ ਨਾਲ ਹੋ ਰਹੇ ਵਿਵਹਾਰ ‘ਤੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਣਾ,ਪਰ ਸੈਲਾਨੀ ਘੱਟ ਜਾਣਗੇ। ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਕਿ ਇਸ ਵਾਰ ਪੰਜਾਬੀਆਂ ਨੇ ਹਿਮਾਚਲ ਪ੍ਰਦੇਸ਼ ਦੀ ਬਜਾਏ ਜੰਮੂ-ਕਸ਼ਮੀਰ ਵੱਲ ਰੁਖ਼ ਕੀਤਾ ਹੈ।
ਦੂਜੇ ਪਾਸੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ‘ਚ ਬੀਬੀ ਵੱਲੋਂ ਯੋਗਾ ਕਰਨ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਉਕਤ ਬੀਬੀ (Yoga girl) ਨੇ ਮੁਆਫ਼ੀ ਮੰਗ ਹੈ, ਪਰ ਕੁਝ ਗੱਲਾਂ ਦੀ ਮੁਆਫ਼ੀ ਨਹੀਂ ਹੁੰਦੀ | ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸਕਰੀਨ ਲਗਾਈ ਗਈ ਹੈ ਅਤੇ ਵਾਰ-ਵਾਰ ਗੁਰੂ ਘਰ ਦੀ ਮਰਿਆਦਾ ਬਣਾਏ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ |