Site icon TheUnmute.com

SGPC ਵੱਲੋਂ ਸਰਕਾਰ ਤੋਂ ਫਿਲਮ ਐਮਰਜੈਂਸੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦੀ ਮੰਗ

Film Emergency

ਅੰਮ੍ਰਿਤਸਰ, 28 ਸਤੰਬਰ, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਕਾਰਜਕਾਰਨੀ ਦੀ ਬੈਠਕ ‘ਚ ਫੈਸਲਾ ਕੀਤਾ ਗਿਆ ਕਿ ਭਾਜਪਾ ਸੰਸਦ ਮੈਂਬਰ ਅਤੇ ਅਦਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ (film Emergency) ਨੂੰ ਪੰਜਾਬ ‘ਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਤੋਂ ਇਸ ਫਿਲਮ ‘ਤੇ ਮੁਕੰਮਲ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਹੈ । ਇਸਦੇ ਨਾਲ ਹੀ ਬੈਠਕ ‘ਚ ਇਹ ਵੀ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਪ੍ਰਕਾਸ਼ ਪੁਰਬ 2025 ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ।

ਇਸ ਮੌਕੇ ਕਾਰਜਕਾਰੀ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ (film Emergency) ਨੂੰ ਰੱਦ ਕਰਨ ਦਾ ਮਤਾ ਪਾਸ ਕਰਕੇ ਸਰਕਾਰ ਨੂੰ ਇਸ ‘ਤੇ ਮੁਕੰਮਲ ਪਾਬੰਦੀ ਲਗਾਉਣ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ‘ਚ ਸਿੱਖਾਂ ਨੂੰ ਬਦਨਾਮ ਕਰਨ ਅਤੇ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰ ਸਕਦੀ।

ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਫਿਲਮ ਸਿੱਖ ਵਿਰੋਧੀ ਏਜੰਡੇ ਦੇ ਹਿੱਸੇ ਵਜੋਂ ਦੇਸ਼ ਵਿਰੁੱਧ ਜ਼ਹਿਰ ਉਗਲਣ ਅਤੇ ਨਫਰਤ ਫੈਲਾਉਣ ਦੀ ਭਾਵਨਾ ਨਾਲ ਬਣਾਈ ਗਈ ਹੈ, ਜਿਸ ਨੂੰ ਪੰਜਾਬ ‘ਚ ਕਿਸੇ ਵੀ ਕੀਮਤ ‘ਤੇ ਚੱਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਐਮਰਜੈਂਸੀ ਫਿਲਮ ‘ਤੇ ਪਾਬੰਦੀ ਲਗਾ ਕੇ ਸੂਬੇ ਦੀ ਨੁਮਾਇੰਦਗੀ ਕਰੇ, ਤਾਂ ਜੋ ਫਿਰਕੂ ਮਾਹੌਲ ਸ਼ਾਂਤਮਈ ਬਣਿਆ ਰਹੇ। ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਕੰਗਨਾ ਰਣੌਤ ਦੀ ਫਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ‘ਚ ਸਿੱਖਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਇੱਕ ਉਦਾਹਰਣ ਉੱਘੇ ਸਿੱਖ ਆਗੂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਪੰਜਾਬ 95’ ਸੈਂਕੜੇ ਕੱਟਾਂ ਦੇ ਬਾਵਜੂਦ ਰਿਲੀਜ਼ ਨਾ ਹੋਣਾ ਹੈ |

Exit mobile version