ਚੰਡੀਗੜ੍ਹ 30 ਜੂਨ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ (Giani Jagtar Singh) (ਲੁਧਿਆਣਾ ਵਾਲੇ) ਦੇ ਸੇਵਾ ਮੁਕਤ ਹੋਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੰਘ ਸਾਹਿਬਾਨ ਨੇ ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਬਤੌਰ ਵਧੀਕ ਮੁੱਖ ਗ੍ਰੰਥੀ ਅਤੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਵੈ-ਇੱਛਾ ਨਾਲ ਆਪਣੀਆਂ ਸੇਵਾਵਾਂ ਸਮਾਪਤ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਲਾਵਾਂ, ਹਜ਼ੂਰੀ ਰਾਗੀ ਜਥਿਆਂ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗਿਆਨੀ ਜਗਤਾਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।