Emergency

SGPC: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ, ਕੀਤੀ ਇਹ ਮੰਗ

ਚੰਡੀਗੜ੍ਹ, 26 ਅਗਸਤ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖ ਕੇ ਗੁਆਂਢੀ ਦੇਸ਼ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਵਿਦੇਸ਼ੀ ਛੁੱਟੀਆਂ ‘ਚ ਛੋਟ ਦੇਣ ਦੀ ਮੰਗ ਕੀਤੀ ਗਈ ਹੈ। SGPC ਦਾ ਕਹਿਣਾ ਹੈ ਕਿ ਕਈ ਸਰਕਾਰੀ ਮੁਲਾਜ਼ਮ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ ਪਰ ਛੁੱਟੀ ਦੀ ਲੰਮੀ ਪ੍ਰਕਿਰਿਆ ਕਾਰਨ ਉਹ ਨਹੀਂ ਜਾ ਪਾਉਂਦੇ ।

ਸ਼੍ਰੋਮਣੀ ਕਮੇਟੀ ਵੱਲੋਂ ਰਾਜ ਦੇ ਪ੍ਰਸੋਨਲ ਵਿਭਾਗ ਦੇ ਸਕੱਤਰ ਨੂੰ ਲਿਖੀ ਚਿੱਠੀ ‘ਚ ਕਿਹਾ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵਿਦੇਸ਼ੀ ਛੁੱਟੀ ਤੋਂ ਛੋਟ ਦਿੱਤੀ ਗਈ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਨਹੀਂ ਵਧਾਇਆ ਗਿਆ।

ਇਸ ਬਾਰੇ ਸ਼੍ਰੋਮਣੀ ਕਮੇਟੀ (SGPC) ਦੇ ਸਕੱਤਰ ਸਰਦਾਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਲੰਮੇ ਯਤਨਾਂ ਸਦਕਾ ਭਾਰਤ ਅਤੇ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸੰਗਤਾਂ ਲਈ ਖੋਲ੍ਹਿਆ ਗਿਆ ਸੀ, ਤਾਂ ਜੋ ਸੰਗਤਾਂ ਸਵੇਰੇ ਦਰਸ਼ਨ ਕਰਨ ਲਈ ਜਾ ਸਕਣ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆਉਣ |

ਉਨ੍ਹਾਂ ਕਿਹਾ ਕਿ ਦਰਸ਼ਨਾਂ ਲਈ ਜਾਣ ਦੇ ਚਾਹਵਾਨ ਪੰਜਾਬ ਸਰਕਾਰ ਦੇ ਅਧਿਕਾਰੀ/ਕਰਮਚਾਰੀ ਨੂੰ ਵਿਦੇਸ਼ ਛੁੱਟੀ ਲੈਣ ਦੀ ਲੰਬੀ ਪ੍ਰਕਿਰਿਆ ‘ਚੋਂ ਲੰਘਣਾ ਪੈਂਦਾ ਹੈ। ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਰੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਜਾਣ ਦੀ ਪ੍ਰਕਿਰਿਆ ਤੋਂ ਪੱਕੇ ਤੌਰ ‘ਤੇ ਛੋਟ ਦਿੱਤੀ ਜਾਵੇ, ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ।

Scroll to Top