ਚੰਡੀਗੜ੍ਹ, 22 ਅਗਸਤ 2024: ਅਦਾਕਾਰਾ ਕੰਗਨਾ ਰਣੌਤ (Kangana Ranaut) ਦੀ ਫਿਲਮ ‘ਐਮਰਜੈਂਸੀ’ (Emergency) ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਫਿਲਮ ‘ਚ ਕੰਗਨਾ ਰਣੌਤ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ | ਫਿਲਮ ਦੇ ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਹਰ ਪਾਸਿਓਂ ਮਿਲੀ-ਜੁਲੀ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗਲਤ ਢੰਗ ਨਾਲ ਪੇਸ਼ ਕਰਨ ਵਾਲੀ ਫਿਲਮ ‘ਐਮਰਜੈਂਸੀ’ ‘ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ।
ਆਪਣੇ ਬਿਆਨਾਂ ਕਾਰਨ ਵਿਵਾਦਾਂ ‘ਚ ਰਹੀ ਕੰਗਨਾ ਰਣੌਤ (Kangana Ranaut) ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ ਲਾਇਆ ਹੈ ਕਿ ਫਿਲਮ ਜਾਣਬੁੱਝ ਕੇ ਸਿੱਖਾਂ ਦੇ ਚਰਿੱਤਰ ਦਾ ਘਾਣ ਕਰਨ ਦੀ ਨੀਅਤ ਨਾਲ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਕਰੇਗੀ । ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ਦੇ ਮਹਾਨ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਰਚਣਾ ਕੌਮ ਦਾ ਅਪਮਾਨ ਕਰਨ ਵਾਲੀ ਘਿਨਾਉਣੀ ਕਾਰਵਾਈ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਤਾਂ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਪੰਜਾਬ 95’ ਨੂੰ 85 ਕੱਟ ਲੱਗਣ ਤੋਂ ਬਾਅਦ ਵੀ ਰਿਲੀਜ਼ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ, ਦੂਜੇ ਪਾਸੇ ਐਮਰਜੈਂਸੀ ਫਿਲਮ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੇ ਮਾਪਦੰਡ ਦੇਸ਼ ਦੇ ਹਿੱਤ ‘ਚ ਨਹੀਂ ਹਨ, ਇਸ ਲਈ ਸਰਕਾਰ ਨੂੰ ਇਸ ਮੁੱਦੇ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ।