ਚੰਡੀਗੜ੍ਹ, 13 ਅਗਸਤ 2024: ਬਲਾਤਕਾਰ ਅਤੇ ਕਤਲ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ | ਡੇਰਾ ਮੁਖੀ ਨੂੰ ਫਿਰ ਤੋਂ 21 ਦਿਨ ਦੀ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਤਰਾਜ਼ ਪ੍ਰਗਟਾਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ ਕੇਂਦਰ ਸਰਕਾਰ ਤੇ ਘੱਟ ਗਿਣਤੀ ਵਰਗ ਲਈ ਅਲਗ ਨੀਤੀਆਂ ਅਪਨਾਉਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਲਾਤਕਾਰ ਵਰਗੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਮੁਖੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਫਿਰ ਬੰਦੀ ਸਿੰਘ ਨੂੰ ਪੈਰੋਲ ਕਿਉਂ ਨਹੀਂ ਦਿੱਤੀ ਜਾਂਦੀ ? ਪ੍ਰਤਾਪ ਸਿੰਘ ਨੇ ਕਿਹਾ ਕਿ ਜੇਕਰ ਡੇਰਾ ਮੁਖੀ ਨੂੰ ਇਸ ਸਮਾਜ ’ਚ ਘੁੰਮਣ ਦੇ ਲਈ ਖੁੱਲ੍ਹਾ ਛੱਡਿਆ ਜਾ ਸਕਦਾ ਹੈ ਤਾਂ ਫਿਰ ਸਿੱਖ ਧਰਮ ਲਈ ਸੰਘਰਸ਼ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਕਰਨਾ ਕੇਂਦਰ ਸਰਕਾਰ ਲਈ ਕਿਉਂ ਮੁਸ਼ਕਿਲ ਹੈ।
ਉਹਨਾਂ ਕਿਹਾ ਕਿ ਜਦੋਂ ਵੀ ਭਾਰਤ ‘ਚ ਕਿਤੇ ਵੋਟਾਂ ਹੋਣੀਆਂ ਹੁੰਦੀਆਂ ਹਨ ਤਾਂ ਰਾਮ ਰਹੀਮ ਨੂੰ ਪਰੋਲ ਦਿੱਤੀ ਜਾਂਦੀ ਹੈ। ਉਹਨਾਂ ਕਿਹਾ ਹੁਣ ਵੀ ਹਰਿਆਣੇ ਦੇ ਵਿੱਚ ਵੋਟਾਂ ਹੋਣ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਦੇ ਚੱਲਦੇ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਤੋਂ 21 ਦਿਨਾਂ ਦੀ ਪਰੋਲ ਦੇਣਾ ਬਹੁਤ ਹੀ ਮੰਦਭਾਗਾ ਹੈ | ਜਿਕਰਯੋਗ ਹੈ ਕਿ ਡੇਰਾ ਮੁਖੀ ਨੂੰ ਪੈਰੋਲ ਦੇਣ ਖ਼ਿਲਾਫ ਐਸਜੀਪੀਸੀ ਨੇ ਹਾਈਕੋਰਟ ‘ਚ ਕੇਸ ਵੀ ਲਗਾਇਆ ਸੀ | ਜਿਸ ‘ਚ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵਿਰੋਧ ਕੀਤਾ ਗਿਆ ਹੈ |