ਪਟਿਆਲਾ, 23 ਮਾਰਚ 2023: ਅੱਜ ਇਥੇ ਸ਼ਹੀਦ ਭਗਤ ਸਿੰਘ ਚੌਂਕ ਘਲੋੜੀ ਗੇਟ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਪਟਿਆਲਾ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਸ਼ਹੀਦਾਂ ਨੂੰ ਸਲਾਮੀ ਦਿਤੀ।
ਸਮਾਰੋਹ ਵਿਚ ਇਨਕਲਾਬੀ ਨੌਜਵਾਨ ਸਭਾ ਪਟਿਆਲਾ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਰਨੈਲ ਸਿੰਘ ਮੰਨੂ ਤੇ ਵੱਡੀ ਗਿਣਤੀ ਇਲਾਕਾ ਨਿਵਾਸੀਆਂ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਪੀ (ਸਥਾਨਕ) ਹਰਬੰਤ ਕੌਰ, ਸਹਾਇਕ ਕਮਿਸ਼ਨਰ (ਜ) ਤੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ, ਡੀ.ਐਸ.ਪੀ ਹਰਦੀਪ ਸਿੰਘ ਬਡੂੰਗਰ ਤੇ ਸੰਜੀਵ ਸਿੰਗਲਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਥਾਪਰ ਨੇ ਛੋਟੀ ਉਮਰ ਵਿਚ ਬੇਮਿਸਾਲ ਕੁਰਬਾਨੀ ਦੇਕੇ ਸਾਡੇ ਦੇਸ਼ ਨੂੰ ਆਜ਼ਾਦੀ ਦਿਵਾਈ। ਉਨ੍ਹਾਂ ਕਿਹਾ ਕਿ ਸਾਨੂੰ, ਖਾਸ ਕਰਕੇ ਨੌਜਵਾਨਾਂ ਨੂੰ, ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚਲਦੇ ਹੋਏ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅਪਣਾ ਕੇ ਇਕ ਸੰਪੂਰਨ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ।
ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਜਰਨੈਲ ਸਿੰਘ ਮੰਨੂ ਨੇ ਦੱਸਿਆ ਕਿ ਸ਼ਾਮ ਵੇਲੇ ਇੰਨਕਲਾਬੀ ਨਾਟਕ ਖੇਡਿਆ ਗਿਆ ਅਤੇ ਬਾਅਦ ਵਿਚ ਸ਼ਹੀਦਾਂ ਨੂੰ ਯਾਦ ਕਰਦਿਆਂ ਮੋਮਬੱਤੀ ਮਾਰਚ ਵੀ ਕੱਢਿਆ ਗਿਆ।