Kamaldeep Kaur Rajoana

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਜ਼ਿਮਨੀ ਚੋਣ ਲਈ ਬੀਬਾ ਕਮਲਦੀਪ ਕੌਰ ਰਾਜੋਆਣਾ ਨੂੰ ਐਲਾਨਿਆ ਸਾਂਝਾ ਪੰਥਕ ਉਮੀਦਵਾਰ

ਚੰਡੀਗੜ੍ਹ 04 ਜੂਨ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਬੀਬਾ ਕਮਲਦੀਪ ਕੌਰ ਰਾਜੋਆਣਾ (Kamaldeep Kaur Rajoana) ਨੂੰ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਸਾਰੀਆਂ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ।ਇਸ ਮਾਮਲੇ ਵਿਚ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਮਲੇ ’ਤੇ ਬਸਪਾ ਲੀਡਰਸ਼ਿਪ ਅਤੇ ਸੰਤ ਸਮਾਜ ਤੇ ਬੰਦੀ ਸਿੱਖ ਰਿਹਾਈ ਕਮੇਟੀ ਸਮੇਤ ਸਾਰੀਆਂ ਪੰਥਕ ਧਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੁੰ ਅਪੀਲ ਕੀਤੀ ਕਿ ਬੀਬਾ ਕਮਲਦੀਪ ਕੌਰ ਰਾਜੋਆਣਾ ਦੀ ਡਟਵੀਂ ਹਮਾਇਤ ਕੀਤੀ ਜਾਵੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੀਬਾ ਰਾਜੋਆਣਾ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ। ਉਹ 6 ਜੂਨ ਨੁੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

ਡਾ ਚੀਮਾ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਇਹ ਚਿਰੋਕਣੀ ਮੰਗ ਸੀ ਕਿ ਸੰਗਰੂਰ ਜ਼ਿਮਨੀ ਚੋਣ ਲਈ ਬੰਦੀ ਸਿੰਘਾਂ ਦੇ ਪਰਿਵਾਰਾਂ ਵਿਚੋਂ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਥ ਮਹਿਸੂਸ ਕਰਦਾ ਹੈ ਕਿ ਇਸ ਨਾਲ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ, ਦੇ ਹਾਲਾਤ ’ਤੇ ਧਿਆਨ ਕੇਂਦਰਿਤ ਹੋ ਸਕੇਗਾ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਵੀ ਕੌਮ ਨੁੰ ਇਸ ਸੰਬੰਧ ਵਿਚ ਸੰਦੇਸ਼ ਦਿੱਤਾ ਸੀ। ਅਕਾਲੀ ਦਲ ਨੇ ਬੀਬਾ ਰਾਜੋਆਣਾ ਨੂੰ ਪਾਰਟੀ ਦੇ ਚੋਣ ਨਿਸ਼ਾਨ ’ਤੇ ਸਾਂਝਾ ਪੰਥਕ ਉਮੀਦਵਾਰ ਐਲਾਨਣ ਵੇਲੇ ਇਹਨਾਂ ਸਾਰੇ ਤੱਥਾਂ ਨੁੰ ਧਿਆਨ ਵਿਚ ਰੱਖਿਆ ਹੈ।

ਡਾ. ਚੀਮਾ ਨੇ ਕਿਹਾ ਕਿ ਬੀਬਾ ਰਾਜੋਆਣਾ ਜੋ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਹਨ। ਭਾਈ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹਨ। ਉਹਨਾਂ ਕਿਹਾ ਕਿ ਬੀਬਾ ਰਾਜੋਆਣਾ ਦੇ ਭਰਾ ਨੁੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਤੇ ਉਹਨਾਂ ਦੀ ਭੈਣ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਉਹਨਾਂ ਦਾ ਪਰਿਵਾਰਕ ਘਰ ਵੀ ਢਾਹ ਦਿੱਤਾ ਗਿਆ ਸੀ।

Scroll to Top