ਚੰਡੀਗੜ੍ਹ 02 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੀਬੀ ਜਗੀਰ ਕੌਰ (Bibi Jagir Kaur) ‘ਤੇ ਵੱਡੀ ਕਾਰਵਾਈ ਕਰਦਿਆਂ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ 48 ਘੰਟਿਆਂ ਦਾ ਸਮਾਂ ਦਿੱਤਾ ਹੈ ਅਤੇ ਇਸ ਸੰਬੰਧੀ ਜਵਾਬ ਮੰਗਿਆ ਹੈ | ਇਸਦੇ ਨਾਲ ਹੀ ਜੇਕਰ ਬੀਬੀ ਜਗੀਰ ਕੌਰ ਫ਼ਿਰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਨਗੇ ਤਾਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇਗਾ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ ਹੈ । ਮੀਟਿੰਗ ’ਚ ਇਹ ਵੀ ਕਿਹਾ ਗਿਆ ਕਿ ਬੀਬੀ ਜਗੀਰ ਕੌਰ ਨੂੰ ਕੁਜਗ ਤਾਕਤਾਂ ਗੁੰਮਰਾਹ ਕਰ ਰਹੀਆਂ ਹਨ ਜੋ ਇਹ ਸਭ ਕੁੱਝ ਕਰਵਾ ਰਹੀਆਂ ਹੈ ।
ਅਨੁਸ਼ਾਸ਼ਨੀ ਕਮੇਟੀ ਦਾ ਕਹਿਣਾ ਹੈ ਕਿ ਜੇਕਰ ਬੀਬੀ ਜਾਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣਾਂ ਲੜਨ ਦਾ ਆਪਣਾ ਫੈਸਲਾ ਵਾਪਸ ਲੈ ਲੈਂਦੇ ਹਨ ਤਾਂ ਉਨ੍ਹਾਂ ਦੀ ਮੁਅੱਤਲੀ ਦਾ ਫੈਸਲਾ ਵਾਪਸ ਲੈ ਲਿਆ ਜਾਵੇਗਾ |ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣਾਂ ਦੇ ਚੱਲਦਿਆਂ ਪੰਜਾਬ ਭਰ ਵਿੱਚ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਨ੍ਹਾ ਚੋਣਾਂ ਲਈ ਬੀਬੀ ਜਗੀਰ ਕੌਰ ਨੇ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ |