ਚੰਡੀਗੜ੍ਹ,24 ਮਈ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਹਰਵੇਲ ਸਿੰਘ ਮਾਧੋਪੁਰ (Harvel Singh Madhopur) ਨੂੰ ਪਾਰਟੀ ਦੇ ਐਸ.ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਐਗਜੈਕਟਿਵ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਮਲਕੀਤ ਸਿੰਘ ਨੇ ਕਿਹਾ ਕਿ ਇਕ ਸਮੇਂ ਵਿਚ ਧਾਰਮਿਕ ਅਤੇ ਰਾਜਨੀਤਕ ਅਹੁਦੇ ਤੇ ਹੋਣਾ ਪਾਰਟੀ ਦੇ ਸਿਧਾਂਤਾਂ ਤੇ ਖਿਲਾਫ ਹੈ।
ਇਸ ਕਰਕੇ ਉਨ੍ਹਾਂ ਨੇ ਪਾਰਟੀ ਦੇ ਐਸ ਸੀ ਵਿੰਗ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਨਵ-ਨਿਯੁਕਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਦਫ਼ਤਰ ਸਕੱਤਰ ਦਵਿੰਦਰ ਸਿੰਘ ਸੋਢੀ ਨੇ ਦੱਸਿਆਂ ਕਿ ਹਰਵੇਲ ਸਿੰਘ ਮਾਧੋਪੁਰ ਪਿਛਲੇਂ ਲੰਮੇ ਸਮੇਂ ਤੋਂ ਐਸ.ਸੀ ਭਾਈਚਾਰੇ ਦੇ ਹਿੱਤਾਂ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ੀਲ ਹਨ।
ਇਸ ਮੌਕੇ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਉਹ ਮੱਧ ਵਰਗੀ ਆਮ ਪਰਿਵਾਰ ਵਿਚੋਂ ਹਨ ਅਤੇ ਇਹ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਐਸ ਸੀ ਭਾਈਚਾਰੇ ਦੇ ਲੋਕਾਂ ਦੀ ਬਿਹਤਰੀ ਲਈ ਹੋਰ ਕੰਮ ਕਰਨਗੇ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਐਸ.ਸੀ ਵਿੰਗ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਸਿੰਘ ਨੂੰ ਇਸ ਨਵੀਂ ਮਿਲੀ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਜ਼ਬੂਤੀ ਵਲ ਵਧੇਗੀ।