ਸ਼੍ਰੋਮਣੀ ਕਮੇਟੀ ਨੇ ਫ਼ਿਲਮ Emergency ਦੇ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

ਅੰਮ੍ਰਿਤਸਰ, 27 ਅਗਸਤ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਿਲਮ ਐਮਰਜੈਂਸੀ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ | ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਕੰਗਨਾ ਰਣੌਤ ਦੀ ਫਿਲਮ Emergency ‘ਚ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ | ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਦੁਆਰਾ ਭੇਜੇ ਕਾਨੂੰਨੀ ਨੋਟਿਸ ‘ਚ ਕੰਗਨਾ ਰਣੌਤ ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ (Film Emergency) ਦਾ ਮਾਮਲਾ ਧਿਆਨ ‘ਚ ਆਉਂਦਿਆਂ ਹੀ ਸਿੱਖ ਸੰਸਥਾ ਵੱਲੋਂ ਇਸ ਦੇ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਫਿਲਮ ‘ਤੇ ਰੋਕ ਲਗਾਉਣ ਲਈ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਵੱਖ-ਵੱਖ ਪੱਤਰ ਲਿਖੇ ਸਨ।

ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਫ਼ਿਲਮ ਦੇ ਜਾਰੀ ਕੀਤੇ ਗਏ ਟ੍ਰੇਲਰ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਸਨ, ਜਿਨ੍ਹਾਂ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਫਿਲਮ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਫਿਲਮ ਦਾ ਟ੍ਰੇਲਰ ਜਾਰੀ ਹੋਣ ਤੋਂ ਬਾਅਦ ਹੀ ਸਿੱਖ ਸੰਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

Scroll to Top