July 2, 2024 9:09 pm
Shiromani Committee

ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਸਖ਼ਤ ਇਤਰਾਜ਼

ਬਠਿੰਡਾ 14 ਅਕਤੂਬਰ 2022: ਕਤਲ ਅਤੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Ram Rahim) ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ, ਇਸਤੋਂ ਪਹਿਲਾਂ ਗੁਰਮੀਤ ਸਿੰਘ ਰਾਮ ਰਹੀਮ ਨੂੰ ਦੂਜੀ ਵਾਰ ਜੇਲ੍ਹ ਤੋਂ ਪੈਰੋਲ ਮਿਲੀ ਹੈ | ਇਸਦੇ ਨਾਲ ਹੀ ਡੇਰਾ ਮੁਖੀ ਨੂੰ ਪੈਰੋਲ ਦੇਣ ‘ਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਹੈ |

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾਅ ਰਹੀਆਂ ਹਨ । ਇਕ ਪਾਸੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ ਦੇ ਦੋਸ਼ਾਂ ਵਿਚ ਘਿਰੇ ਗੁਰਮੀਤ ਰਾਮ ਰਹੀਮ ’ਤੇ ਖਾਸ ਮਿਹਰਬਾਨੀ ਦਿਖਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਤਿੰਨ-ਤਿੰਨ ਦਹਾਕਿਆਂ ਤੋਂ ਜ਼ੇਲ੍ਹਾਂ ਅੰਦਰ ਨਜ਼ਰਬੰਦ ਸਿੱਖਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ।

ਸ਼੍ਰੋਮਣੀ ਕੇਮਟੀ ਪ੍ਰਧਾਨ ਨੇ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਾਰੇ ਬੰਦੀ ਸਿੰਘਾਂ ਨੂੰ ਪੈਰੋਲ ਵੀ ਨਸੀਬ ਨਹੀਂ ਹੋਈ । ਇਹ ਦੋਹਰੀ ਨੀਤੀ ਹੈ, ਜਿਸ ’ਤੇ ਸਰਕਾਰਾਂ ਸਵਾਲਾਂ ਦੇ ਘੇਰੇ ਵਿਚ ਹਨ । ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਸਮੇਤ ਕਈ ਸਿੱਖ ਜਥੇਬੰਦੀਆਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰ ਰਹੀਆਂ ਹਨ |