July 5, 2024 12:04 am
Shivraj Singh Chouhan

ਭਾਜਪਾ ਦੇ ਕੌਮੀ ਪ੍ਰਧਾਨ ਦੀ ਦੌੜ ‘ਚ ਸ਼ਿਵਰਾਜ ਸਿੰਘ ਚੌਹਾਨ ਸ਼ਾਮਲ, BJP ਨੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਦਿੱਲੀ ਸੱਦਿਆ

ਚੰਡੀਗੜ੍ਹ, 05 ਜੂਨ 2024: ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐਨਡੀਏ) ਨੇ ਸਰਕਾਰ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ (Shivraj Singh Chouhan) ਸਮੇਤ ਸਾਰੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਦਿੱਲੀ ਸੱਦਿਆ ਗਿਆ ਹੈ।

ਇਸ ਦੌਰਾਨ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਵੇਂ ਮੰਤਰੀ ਮੰਡਲ ਵਿੱਚ ਸ਼ਿਵਰਾਜ (Shivraj Singh Chouhan) ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦਾ ਕਾਰਜਕਾਲ ਵੀ 30 ਜੂਨ ਨੂੰ ਖਤਮ ਹੋਣ ਜਾ ਰਿਹਾ ਹੈ। ਇਸ ਕਾਰਨ ਸ਼ਿਵਰਾਜ ਨੂੰ ਪ੍ਰਧਾਨ ਬਣਾਉਣ ਦੀਆਂ ਅਟਕਲਾਂ ਵੀ ਤੇਜ਼ ਹੋ ਗਈਆਂ ਹਨ।

ਭਾਜਪਾ ਨੂੰ ਭਾਵੇਂ ਆਪਣੇ ਦਮ ‘ਤੇ ਬਹੁਮਤ ਨਾ ਮਿਲਿਆ ਹੋਵੇ ਪਰ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗਠਜੋੜ (ਐਨ.ਡੀ.ਏ.) ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ। ਇਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤੀਜੀ ਵਾਰ ਐਨਡੀਏ ਸਰਕਾਰ ਬਣਨ ਦਾ ਰਾਹ ਸਾਫ਼ ਹੋ ਗਿਆ ਹੈ। ਸਰਕਾਰ ਬਣਾਉਣ ਦੀਆਂ ਤਿਆਰੀਆਂ ਦਰਮਿਆਨ ਭਾਜਪਾ ਨੇ ਆਪਣੇ ਸਾਰੇ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਦਿੱਲੀ ਸੱਦਿਆ ਗਿਆ ਹੈ। ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੀ ਦਿੱਲੀ ਲਈ ਰਵਾਨਾ ਹੋਣ ਜਾ ਰਹੇ ਹਨ।

ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁੱਕਰਵਾਰ ਨੂੰ ਦਿੱਲੀ ‘ਚ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਜਪਾ ਦੀ ਬੈਠਕ ਦਾ ਪ੍ਰਸਤਾਵ ਹੈ। ਮੱਧ ਪ੍ਰਦੇਸ਼ ਦੀਆਂ ਸਾਰੀਆਂ 29 ਸੀਟਾਂ ‘ਤੇ ਭਾਜਪਾ ਨੇ ਜਿੱਤ ਦਰਜ ਕੀਤੀ ਹੈ। 1984 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਇਕ ਪਾਰਟੀ ਨੇ ਮੱਧ ਪ੍ਰਦੇਸ਼ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤੀਆਂ ਹਨ।