ਚੰਡੀਗੜ੍ਹ, 30 ਮਾਰਚ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਇੱਕ ਟੈਲੀਵਿਜ਼ਨ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਅਮਿਤ ਸ਼ਾਹ ਨੇ ਕਿਹਾ ਕਿ ਇਹ ਕਹਿਣਾ ਮੁਸ਼ਕਿਲ ਹੈ ਕਿ ਖਾਲਿਸਤਾਨ ਦੇ ਪਿੱਛੇ ਕੌਣ ਹੈ, ਪਰ ਦੇਸ਼ ਵਿੱਚ ਰਹਿੰਦੇ ਸਿੱਖ ਦੇਸ਼ ਦੇ ਨਾਲ ਹਨ ਅਤੇ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ।
ਇਸਦੇ ਨਾਲ ਹੀ ਅਮਿਤ ਸ਼ਾਹ (Amit Shah) ਨੇ ਅਮ੍ਰਿਤਪਾਲ ਖ਼ਿਲਾਫ਼ ‘ਤੇ ਕਾਰਵਾਈ ਨੂੰ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੜਬੜ ਪੈਦਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ, ਕੁਝ ਜਣਿਆਂ ‘ਤੇ NSA ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਕੁਝ ਜਣਿਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਜਿੱਥੋਂ ਤੱਕ ਅਮਨ-ਕਾਨੂੰਨ ਦਾ ਸਵਾਲ ਹੈ, ਕੇਂਦਰ ਸਰਕਾਰ ਪੂਰੀ ਤਰ੍ਹਾਂ ਪੰਜਾਬ ਦੇ ਨਾਲ ਚਟਾਨ ਦੀ ਤਰ੍ਹਾਂ ਖੜੇ ਹਨ ਅਤੇ ਸੂਬਾ ਸਰਕਾਰ ਨੂੰ ਹਰ ਤਰ੍ਹਾਂ ਦੀ ਮਦਦ ਪ੍ਰਦਾਨ ਕਰ ਰਹੀ ਹੈ।
ਇਸਦੇ ਨਾਲ ਹੀ ਜਦੋਂ ਗ੍ਰਹਿ ਮੰਤਰੀ ਨੂੰ ਪੁੱਛਿਆ ਗਿਆ ਕਿ ਵਿਦੇਸ਼ਾਂ ਵਿੱਚ ਸਥਿਤ ਭਾਰਤੀ ਦੂਤਾਵਾਸਾਂ ਦੇ ਸਾਹਮਣੇ ਕੁਝ ਲੋਕਾਂ ਨੇ ਪ੍ਰਦਰਸ਼ਨ ਕੀਤਾ ਹੈ ਤਾਂ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਥਿਤ ਭਾਰਤੀ ਦੂਤਾਵਾਸ ਭਾਰਤ ਦਾ ਹਿੱਸਾ ਹਨ ਅਤੇ ਜੇਕਰ ਉੱਥੇ ਕੋਈ ਗੜਬੜ ਹੁੰਦੀ ਹੈ ਤਾਂ ਇਹ ਭਾਰਤ ਦੀ ਪ੍ਰਭੂਸੱਤਾ ’ਤੇ ਹਮਲਾ ਹੈ। ਅਜਿਹੇ ਲੋਕਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।