ਚੰਡੀਗੜ੍ਹ, 16 ਜੁਲਾਈ 2026: ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਬਹਿਬਲ ਕਲਾਂ ਗੋਲੀ ਕਾਂਡ ‘ਚ ਵੱਡੀ ਕਾਰਵਾਈ ਕੀਤੀ ਹੈ। ਸਿਟ ਨੇ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਸੁਖਬੀਰ ਬਾਦਲ ਤੋਂ ਅਗਲੇ ਸੋਮਵਾਰ ਸਵੇਰੇ 11 ਵਜੇ ਪੁੱਛਗਿੱਛ ਕੀਤੀ ਜਾਵੇਗੀ। ਭਾਜਪਾ ਆਗੂ ਵਿਜੇ ਸਾਂਪਲਾ ਸਮੇਤ ਹੋਰਨਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।
ਜੁਲਾਈ 2026 ਦੇ ਸ਼ੁਰੂ ‘ਚ, DIG ਹਰਜੀਤ ਸਿੰਘ ਦੀ ਅਗਵਾਈ ਵਾਲੀ ਨਵੀਂ ਸਿਟ ਨੇ ਪੂਰੀ ਘਟਨਾ ਨੂੰ ਦੁਬਾਰਾ ਬਣਾਉਣ ਲਈ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਾਲੀਆਂ ਥਾਵਾਂ ਦਾ ਦੌਰਾ ਕੀਤਾ। ਟੀਮ ਨੇ ਸਬੂਤਾਂ ਦਾ ਵਿਸ਼ਲੇਸ਼ਣ ਕੀਤਾ ਅਤੇ ਬਾਜਾਖਾਨਾ ਪੁਲਿਸ ਸਟੇਸ਼ਨ ਦਾ ਵੀ ਦੌਰਾ ਕੀਤਾ, ਜਿੱਥੇ ਕੇਸ ਡਾਇਰੀ ਅਤੇ ਹੋਰ ਦਸਤਾਵੇਜ਼ ਸੁਰੱਖਿਅਤ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਰਘਬੀਰ ਸਿੰਘ ਨੇ ਜੂਨ 2026 ‘ਚ ਐਸਆਈਟੀ ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਸੀ। ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਸੰਬਰ 2024 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਦਿੱਤੀ ਗਈ ਬਿਨਾਂ ਸ਼ਰਤ ਮੁਆਫ਼ੀ ਦੇ ਸਬੰਧ ‘ਚ ਦਰਜ ਕੀਤਾ ਗਿਆ ਸੀ।
ਇਹ ਸਾਰੀ ਕਾਰਵਾਈ 2015 ‘ਚ ਬਾਜਾਖਾਨਾ ਪੁਲਿਸ ਸਟੇਸ਼ਨ ‘ਚ ਦਰਜ ਦੋ ਵੱਖ-ਵੱਖ ਮਾਮਲਿਆਂ ਤਹਿਤ ਕੀਤੀ ਜਾ ਰਹੀ ਹੈ। ਇਹ ਮਾਮਲੇ 14 ਅਕਤੂਬਰ, 2015 ਅਤੇ 21 ਅਕਤੂਬਰ, 2015 ਨੂੰ ਦਰਜ ਕੀਤੇ ਗਏ ਸਨ।
Read More: ਪੰਜਾਬ ਸਰਕਾਰ 2,800 ਨਵੇਂ ਰਾਸ਼ਨ ਡਿੱਪੂ ਧਾਰਕਾਂ ਨੂੰ ਜਾਰੀ ਕਰੇਗੀ ਲਾਇਸੈਂਸ




