Shaheed Bhagat Singh Nagar

ਸ਼ਹੀਦ ਭਗਤ ਸਿੰਘ ਨਗਰ ‘ਚ ਹੁਣ ਤੱਕ 250180 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ

ਨਵਾਂਸ਼ਹਿਰ 31 ਅਕਤੂਬਰ 2022: ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਸਹਿਕਾਰਤਾ ਵਿਭਾਗ ਰਵਨੀਤ ਕੌਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 250180 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ 207867 ਮੀਟਰਿਕ ਟਨ ਦੀ ਲਿਫਟਿੰਗ ਹੋ ਚੁੱਕੀ ਹੈ, ਜਦਕਿ ਖਰੀਦੇ ਗਏ ਝੋਨੇ ਲਈ ਕਿਸਾਨਾਂ ਦੇ ਖਾਤੇ ਵਿੱਚ 486.57 ਲੱਖ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ।

ਅੱਜ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਵਰਚੁਅਲ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹੇ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ, ਉਨ੍ਹਾਂ ਜ਼ਿਲ੍ਹੇ ਵਿੱਚ ਨਿਰਵਿਘਨ ਖਰੀਦ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਸੁਰੱਖਿਅਤ ਵਾਤਾਵਰਣ ਦੇ ਵਡੇਰੇ ਹਿੱਤ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਖਤੀ ਨਾਲ ਰੋਕਣ ਦੀ ਲੋੜ ’ਤੇ ਜ਼ੋਰ ਦਿੱਤਾ।

ਉਨ੍ਹਾਂ ਇਸ ਸਾਲ 15 ਅਗਸਤ ਨੂੰ ਜ਼ਿਲ੍ਹੇ ਚ ਰਾਹੋਂ ਵਿਖੇ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਦੀ ਸਫ਼ਲਤਾ ਦਰ ਦੀ ਸਮੀਖਿਆ ਕਰਨ ਬਾਅਦ ਦੱਸਿਆ ਕਿ ਹੁਣ ਤੱਕ ਇੱਥੋਂ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ 3164 ਲੋਕਾਂ ਨੇ ਲਾਭ ਲਿਆ ਹੈ। ਇਸ ਤੋਂ ਇਲਾਵਾ 187 ਲੈਬ ਟੈਸਟ ਕੀਤੇ ਗਏ। ਉਨ੍ਹਾਂ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਉੱਥੇ ਤਾਇਨਾਤ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ਼ ਦੀ ਸ਼ਲਾਘਾ ਕੀਤੀ ਅਤੇ ਸਿਵਲ ਸਰਜਨ ਨੂੰ ਅਜਿਹੇ ਹੋਰ ਵੀ ਲੋਕ ਪੱਖੀ ਪ੍ਰੋਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ।

ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸਮਾਰਟ ਵਿਲੇਜ ਮੁਹਿੰਮ ਤਹਿਤ 96.5 ਫੀਸਦੀ ਪੇਂਡੂ ਵਿਕਾਸ ਕਾਰਜ ਮੁਕੰਮਲ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਸਕੀਮ ਤਹਿਤ 101 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 3473 ਕੰਮ ਅਰੰਭੇ ਗਏ ਸਨ।

ਵਿਸ਼ੇਸ਼ ਮੁੱਖ ਸਕੱਤਰ ਨੇ ਸਰਕਾਰੀ ਸਕੂਲਾਂ ਅਤੇ ਜਨਤਕ ਇਮਾਰਤਾਂ ਵਿੱਚ ਲਗਾਏ ਜਾ ਰਹੇ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਅਤੇ ਸਰਕਾਰੀ ਇਮਾਰਤਾਂ ’ਤੇ ਰੂਫ ਟਾਪ ਸੋਲਰ ਐਨਰਜੀ ਪ੍ਰੋਜੈਕਟ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਜ਼ਿਲ੍ਹੇ ਵਿੱਚ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਵੱਧ ਤੋਂ ਵੱਧ ਫੰਡ ਖਰਚ ਕਰਨ ਦੇ ਜ਼ਿਲ੍ਹੇ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲਾਨਾ 54 ਕਰੋੜ ਦੇ ਮੁਕਾਬਲੇ 30.43 ਕਰੋੜ ਦਾ ਟੀਚਾ ਪ੍ਰਾਪਤ ਕਰਨਾ ਚੰਗੀ ਗੱਲ ਹੈ ਅਤੇ ਸਾਨੂੰ ਵੱਧ ਤੋਂ ਵੱਧ ਮਨਰੇਗਾ ਮਜ਼ਦੂਰਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ।

ਉਨ੍ਹਾਂ ਨੇ ਮਨਰੇਗਾ ਤਹਿਤ ਹੁਣ ਤੱਕ ਪੈਦਾ ਕੀਤਿਆਂ ਮਾਨਵੀ ਦਿਹਾੜੀਆਂ ਦੀ ਗਿਣਤੀ ’ਤੇ ਵੀ ਤਸੱਲੀ ਪ੍ਰਗਟਾਈ। ਜ਼ਿਲ੍ਹੇ ਵਿੱਚ ਇਸ ਸਾਲ ਹੁਣ ਤੱਕ 7.22 ਲੱਖ ਮਾਨਵੀ ਦਿਹਾੜੀਆਂ ਦਾ ਰੁਜ਼ਗਾਰ ਪੈਦਾ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫਗਵਾੜਾ-ਰੂਪਨਗਰ ਨੈਸ਼ਨਲ ਹਾਈਵੇਅ ਦੇ ਦੋਵੇਂ ਹਰੀ ਪੱਟੀ ਬਣਾਉਣ ਦੇ ਜ਼ਿਲ੍ਹੇ ਦੇ ਯਤਨਾਂ ਨੂੰ ਮਿਲੀ ਸਫ਼ਲਤਾ ਬਾਰੇ ਵੀ ਜਾਣੂ ਕਰ ਆਇਆ।

ਜ਼ਿਲ੍ਹਾ ਪ੍ਰਸ਼ਾਸਨ ਨੇ ਸੇਵਾ ਕੇਂਦਰਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਦੇ ਹੋਏ ਰਾਜ ਭਰ ਵਿੱਚ ਕੁੱਝ ਇੱਕ ਸੇਵਾਵਾਂ ਲਈ ਲੋੜੀਂਦੇ ਦਸਤਾਵੇਜ਼ਾਂ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਦਸਤਾਵੇਜ਼ਾਂ ਨੂੰ ਭੌਤਿਕ ਰੂਪ ਵਿਚ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਕੁਝ ਬਦਲਾਅ ਕਰਨ ਦਾ ਸੁਝਾਅ ਦਿੱਤਾ। ਵਿਸ਼ੇਸ਼ ਪ੍ਰਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਕੋਲ ਇਹ ਮੁੱਦਾ ਉਠਾਉਣ ਦਾ ਭਰੋਸਾ ਦਿੱਤਾ।

ਸਹਿਕਾਰਤਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਰਵਨੀਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਕਿ ਕਿਸੇ ਵੀ ਤਰਾਂ ਦੀ ਦੇਰੀ ਨੂੰ ਟਾਲਣ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।

ਵਿਸ਼ੇਸ਼ ਮੁੱਖ ਸਕੱਤਰ ਕਮ ਵਿੱਤੀ ਕਮਿਸ਼ਨਰ ਸਹਿਕਾਰਤਾ ਰਵਨੀਤ ਕੌਰ ਦੀ ਵਰਚੁਅਲ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਡੀ) ਅਮਰਦੀਪ ਸਿੰਘ ਬੈਂਸ, ਐਸ ਡੀ ਐਮਜ਼ ਮੇਜਰ ਸ਼ਿਵਰਾਜ ਸਿੰਘ ਬੱਲ ਅਤੇ ਡਾ. ਪੂਨਮ ਪ੍ਰੀਤ ਕੌਰ, ਸਿਵਲ ਸਰਜਨ ਡਾ. ਦਵਿੰਦਰ ਢਾਂਡਾ, ਡੀ ਡੀ ਪੀ ਓ ਦਵਿੰਦਰ ਕੁਮਾਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਸ਼ਾਮਲ ਸਨ।

Scroll to Top