Tarunpreet Singh Sond

ਹੁਣ ਤੱਕ 6500 ਵੱਡੇ ਤੇ 45000 ਛੋਟੇ ਨਸ਼ਾ ਤਸਕਰ ਕਾਬੂ ਕਰਕੇ 612 ਕਰੋੜ ਦੀ ਸੰਪਤੀ ਕੀਤੀ ਜ਼ਬਤ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਫਤਿਹਗੜ੍ਹ ਸਾਹਿਬ, 4 ਮਾਰਚ 2025: ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਇੱਕ ਵਿਸ਼ੇਸ਼ ਬੈਠਕ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ‘ਚ ਹੁਣ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ ਜੋ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਹੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਤੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਅਤੇ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਲਈ ਇੱਕ ਵਿਆਪਕ ਮੁਹਿੰਮ ਚਲਾਈ ਜਾਵੇ, ਤਾਂ ਜੋ ਆਉਣ ਵਾਲੀ ਪੀੜ੍ਹੀ ਨਸ਼ਿਆਂ ਦਾ ਸ਼ਿਕਾਰ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਲਈ ਇੱਕ ਹੈਲਪਲਾਈਨ ਨੰਬਰ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਇਸ ਬੈਠਕ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਜੰਗ ਦੀ ਸਫਲਤਾ ਲਈ ਅਰਦਾਸ ਕੀਤੀ।

ਤਰੁਨਪ੍ਰੀਤ ਸੌਂਦ (Tarunpreet Singh Sond) ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਤਿੰਨ ਸਾਲਾਂ ‘ਚ 6500 ਤੋਂ ਵੱਧ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 2022 ਤੋਂ ਹੁਣ ਤੱਕ 45000 ਛੋਟੇ ਨਸ਼ਾ ਤਸਕਰਾਂ ਨੂੰ ਵੀ ਫੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਤਸਕਰਾਂ ਵਿਰੁੱਧ 30,000 ਤੋਂ ਵੱਧ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ।

ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਗੱਠਜੋੜ ਨੂੰ ਤੋੜਨ ਲਈ 10,000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸਰਕਾਰ ਨੇ ਨਸ਼ਾ ਤਸਕਰਾਂ ਤੋਂ 612 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ, ਜਦੋਂ ਕਿ ਪਿਛਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਸਿਰਫ਼ 142 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ।

ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਹੁਣ ਤੱਕ 1,128 ਕਿਲੋ ਹੈਰੋਇਨ ਜ਼ਬਤ ਕਰ ਚੁੱਕੀ ਹੈ, ਜਦੋਂ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਿਰਫ਼ 197 ਕਿਲੋ ਹੈਰੋਇਨ ਹੀ ਬਰਾਮਦ ਹੋਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਸ਼ਾਖੋਰੀ ਵਧੀ ਅਤੇ ਉਨ੍ਹਾਂ ਨੇ ਨਸ਼ਾਖੋਰੀ ਨੂੰ ਹਰ ਘਰ ਤੱਕ ਫੈਲਾ ਦਿੱਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਆ ਰਹੀ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਬੀ.ਐਸ.ਐਫ. ਤਾਇਨਾਤ ਕੀਤਾ ਹੈ। ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਨੈੱਟਵਰਕ ਨੂੰ ਤੋੜਾਂਗੇ।

ਕੈਬਿਨਟ ਮੰਤਰੀ ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਦੱਸਿਆ ਕਿ ਨਸ਼ਿਆਂ ਨੂੰ ਖਤਮ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਪਰ ਇਸਨੂੰ ਉਦੋਂ ਹੀ ਜਿੱਤਿਆ ਜਾ ਸਕਦਾ ਹੈ ਜਦੋਂ ਹਰ ਅਧਿਕਾਰੀ ਇਸਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝੇ ਅਤੇ ਪੂਰਾ ਸਹਿਯੋਗ ਦੇਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਅਧਿਕਾਰੀਆਂ ਦਾ ਪੂਰਾ ਸਮਰਥਨ ਕਰੇਗੀ, ਇਸ ਲਈ ਬਿਨਾਂ ਕਿਸੇ ਡਰ ਜਾਂ ਝਿਜਕ ਦੇ, “ਨਸ਼ਿਆਂ ਵਿਰੁੱਧ ਜੰਗ” ‘ਚ ਸਹਿਯੋਗ ਕਰੇਗੀ।

ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਵਿਸ਼ਵਾਸ ‘ਚ ਲਿਆ ਜਾਵੇ ਅਤੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਜਾਵੇ ਕਿ ਉਹ ਨਸ਼ਾ ਤਸਕਰਾਂ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਖੁੱਲ੍ਹ ਕੇ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਇੱਕ ਰੋਡਮੈਪ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

Read More: ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ: ਡਾ. ਬਲਬੀਰ ਸਿੰਘ

Scroll to Top