ਚੰਡੀਗੜ੍ਹ, 13 ਜੁਲਾਈ 2023: ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ (DISABLED PERSONS) ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮੱਦਦ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ (DISABLED PERSONS) ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ, ਤਾਂ ਹੈਲਪਲਾਈਨ ਨੰਬਰ 14567 ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ। ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।