ਚੰਡੀਗੜ੍ਹ, 28 ਜੁਲਾਈ 2025: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ‘ਪ੍ਰਾਜੈਕਟ ਜੀਵਨਜੋਤ-2’ ਭੀਖ ਮੰਗਣ ਵਾਲੇ ਬੱਚਿਆਂ ਲਈ ਉਮੀਦ ਦੀ ਕਿਰਨ ਬਣ ਕੇ ਉੱਭਰ ਰਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਪੰਜਾਬ ਭਰ ‘ਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ 12ਵੇਂ ਦਿਨ ਤੱਕ ਸੁਰੱਖਿਅਤ ਛੁਡਾਏ ਗਏ ਬੱਚਿਆਂ ਦੀ ਕੁੱਲ ਗਿਣਤੀ 203 ਹੋ ਗਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪ੍ਰੋਜੈਕਟ ਜੀਵਨਜੋਤ-2 ਦਾ ਪ੍ਰਭਾਵ ਹੁਣ ਜ਼ਮੀਨੀ ਪੱਧਰ ‘ਤੇ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ, ਕਿਉਂਕਿ ਨਿਯਮਤ ਵਿਸ਼ੇਸ਼ ਜਾਂਚਾਂ ਕਾਰਨ ਹੁਣ ਬਚਾਏ ਜਾਣ ਵਾਲੇ ਬੱਚਿਆਂ ਦੀ ਗਿਣਤੀ ‘ਚ ਗਿਰਾਵਟ ਆਈ ਹੈ। ਇਹ ਇਸ ਗੱਲ ਦਾ ਸਬੂਤ ਹੈ ਕਿ ਲੋਕ ਜਾਗਰੂਕ ਹੋ ਰਹੇ ਹਨ ਅਤੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਮਾਫੀਆ ਹਿੰਮਤ ਹਾਰ ਰਹੇ ਹਨ।
ਉਨ੍ਹਾਂ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਬਰਨਾਲਾ ਤੋਂ 1, ਮਲੇਰਕੋਟਲਾ ਤੋਂ 3 ਅਤੇ ਸ੍ਰੀ ਮੁਕਤਸਰ ਸਾਹਿਬ ਤੋਂ 2 ਬੱਚੇ ਨੂੰ ਬਚਾਇਆ ਗਿਆ। ਇਨ੍ਹਾਂ ‘ਚੋਂ 4 ਬੱਚਿਆਂ ਨੂੰ ਦਸਤਾਵੇਜ਼ ਤਸਦੀਕ ਅਤੇ ਸਲਾਹ-ਮਸ਼ਵਰੇ ਤੋਂ ਬਾਅਦ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ, ਜਦੋਂ ਕਿ ਸ੍ਰੀ ਮੁਕਤਸਰ ਸਾਹਿਬ ਦੇ 2 ਬੱਚਿਆਂ ਨੂੰ ਬਾਲ ਘਰ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 105 ਬੱਚਿਆਂ ਨੂੰ ਸੁਰੱਖਿਅਤ ਬਾਲ ਘਰ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦੀ ਸਿੱਖਿਆ, ਭੋਜਨ ਅਤੇ ਰਿਹਾਇਸ਼ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਆਏ ਵਿਅਕਤੀਆਂ ਦੇ ਸਬੰਧਾਂ ‘ਤੇ ਸ਼ੱਕ ਹੈ, ਉਨ੍ਹਾਂ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ। ਸਖ਼ਤ ਸੰਦੇਸ਼ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਲ ਭੀਖ ਮੰਗਣ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ। ਬਚਾਏ ਬੱਚਿਆਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਜੋੜ ਕੇ ਮਿਆਰੀ ਸਿੱਖਿਆ, ਰਿਹਾਇਸ਼ ਅਤੇ ਭੋਜਨ ਪ੍ਰਦਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸੰਘਰਸ਼ਸ਼ੀਲ ਅਤੇ ਆਤਮ ਨਿਰਭਰ ਨਾਗਰਿਕ ਬਣ ਸਕਣ।
ਡਾ. ਬਲਜੀਤ ਕੌਰ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਬੱਚੇ ਨੂੰ ਦਾਨ ਨਾ ਦੇਣ ਅਤੇ ਜੇਕਰ ਕੋਈ ਕਿਸੇ ਬੱਚੇ ਨੂੰ ਭੀਖ ਮੰਗਦਾ ਵੇਖਦਾ ਹੈ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਤੋਂ ਬਿਨਾਂ ਕਿਸੇ ਵੀ ਸਮਾਜਿਕ ਬੁਰਾਈ ਨੂੰ ਖਤਮ ਨਹੀਂ ਕੀਤਾ ਜਾ ਸਕਦਾ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ‘ਚ ਹੋਰ ਵੀ ਪ੍ਰਭਾਵਸ਼ਾਲੀ ਹੋਵੇਗੀ।
Read More: ਪੰਜਾਬ ‘ਚ ਭੀਖ ਮੰਗਣ ਵਾਲਿਆਂ ਦ ਹੋਵੇਗਾ DNA ਟੈਸਟ, ਬੱਚਿਆਂ ਦੀ ਤਸਕਰੀ ਦਾ ਖਦਸ਼ਾ