ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਐਸ.ਈ.ਬੀ. ਇੰਜਨੀਅਰ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਡਿਪਟੀ ਕਮਿਸ਼ਨਰ ਕੰਪਲੈਕਸ, ਤਹਿਸੀਲ ਕੰਪਲੈਕਸ ਸਮੇਤ ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਬਿਜਲੀ ਪੈਦਾ ਕਰਨ ਲਈ ਸੋਲਰ ਪੈਨਲ (Solar Panels) ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸਰਕਾਰੀ ਅਦਾਰਿਆਂ ਵਿੱਚ ਪ੍ਰੀ-ਪੇਡ ਮੀਟਰ ਲਗਾਏ ਜਾਣਗੇ।
ਇੱਥੇ ਲਾਅ ਯੂਨੀਵਰਸਿਟੀ ਵਿੱਚ ਪੀ.ਐਸ.ਈ.ਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰੀ ਅਦਾਰਿਆਂ ਦੇ ਬਕਾਇਆ ਬਿਜਲੀ ਬਿੱਲਾਂ ਦਾ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਰਤੀ ਜਾਂਦੀ ਸਰਕਾਰੀ ਬਿਜਲੀ ਦਾ ਭੁਗਤਾਨ ਕਰਨਾ ਸਾਡੀ ਜ਼ਿੰਮੇਵਾਰੀ ਹੈ, ਇਸ ਨੂੰ ਪੂਰਾ ਕੀਤਾ ਜਾਵੇਗਾ।
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਦੀ ਬਜਾਏ 15-15 ਘੰਟੇ ਬਿਜਲੀ ਦਿੱਤੀ ਅਤੇ ਉਦਯੋਗਾਂ ਅਤੇ ਘਰਾਂ ਸਮੇਤ ਕਿਸੇ ਵੀ ਖਪਤਕਾਰ ਦੀ ਬਿਜਲੀ ਨਹੀਂ ਕੱਟੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬਿਜਲੀ ਕੰਪਨੀਆਂ ਪ੍ਰਾਈਵੇਟ ਨਹੀਂ ਹੋਣਗੀਆਂ।
ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਬਿਜਲੀ ਦੇ ਲੰਮੇ ਕੱਟ ਲੱਗਦੇ ਸਨ। ਉਨ੍ਹਾਂ ਅਡਾਨੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਵੀ ਘੇਰਦਿਆਂ ਕਿਹਾ ਕਿ ਸਰਕਾਰ ਹਮੇਸ਼ਾ ਅਡਾਨੀ ਨੂੰ ਫਾਇਦਾ ਪਹੁੰਚਾਉਣ ਲਈ ਕਾਊਂਟਰਪਲਾਨ ਬਣਾ ਰਹੀ ਹੈ | ਮੁੱਖ ਮੰਤਰੀ ਨੇ ਕੋਲੇ ਦੀ ਸਪਲਾਈ ਲਈ ਬਣਾਈ ਗਈ ਨੀਤੀ ਦਾ ਵੀ ਵਿਰੋਧ ਕੀਤਾ ਹੈ।