ਪਟਿਆਲਾ, 17 ਜੂਨ 2023: ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਅਰੰਭੀ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ। ਇੱਥੇ ਪੰਚਾਇਤ ਘਰ ਵਿਖੇ ਲੋਕਾਂ ਨੂੰ ਮਿਲਦਿਆਂ ਉਨ੍ਹਾਂ ਨੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਦੇ ਹੱਲ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
ਇਸ ਦੌਰਾਨ ਪੰਜਾਬ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਨੰਦਪੁਰ ਕੇਸ਼ੋ ਅਤੇ ਫੱਗਣਮਾਜਰਾ ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪਾਂ ਮੌਕੇ ਡਾ. ਬਲਬੀਰ ਸਿੰਘ ਨੇ ਦੱਸਿਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਇੱਕ ਨਿਵੇਕਲੀ ਪਹਿਲਕਦਮੀ ਕੀਤੀ ਹੈ ਤਾਂ ਕਿ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪੁੱਜਕੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਦਾ ਨਿਵਾਰਨ ਕਰਨ।
ਸਿਹਤ ਮੰਤਰੀ (Dr. Balbir Singh) ਨੇ ਆਪਣੇ ਹਲਕੇ ਪਟਿਆਲਾ ਦਿਹਾਤੀ, ਅੰਦਰ ਅਜਿਹੇ ਜਨ ਸੁਵਿਧਾ ਕੈਂਪਾਂ ਦੀ ਇੱਕ ਲੜੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਹ ਹਰ ਹਫ਼ਤੇ ਪਿੰਡਾਂ ਅੰਦਰ ਜਾ ਕੇ ਇਹ ਕੈਂਪ ਲਗਾ ਰਹੇ ਹਨ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। 18 ਜੂਨ ਨੂੰ ਪਿੰਡ ਚਲੈਲਾ ਵਿਖੇ ਅਤੇ 27 ਤੇ 28 ਜੂਨ ਨੂੰ ਕ੍ਰਮਵਾਰ ਪਿੰਡ ਸਿੱਧੂਵਾਲ ਅਤੇ ਜੱਸੋਵਾਲ ਵਿਖੇ ਅਜਿਹੇ ਕੈਂਪ ਲਗਾਏ ਜਾਣਗੇ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਅਸਲ ਅਰਥਾਂ ਵਿੱਚ ਰੰਗਲਾ ਪੰਜਾਬ ਬਣਾ ਕੇ ਦੇਸ਼ ਦਾ ਇੱਕ ਨੰਬਰ ਦਾ ਸੂਬਾ ਬਣਾ ਰਹੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇੱਕੋ-ਇੱਕ ਏਜੰਡਾ ਹੈ ਕਿ ਜਿਸ ਖੇਤਰ ਵਿੱਚ ਵੀ ਪੰਜਾਬ ਪੱਛੜ ਰਿਹਾ ਹੈ, ਉਸੇ ਖੇਤਰ ਵਿੱਚ ਸੂਬੇ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇ। ਸਿਹਤ ਮੰਤਰੀ ਨੇ ਇਸ ਦੌਰਾਨ ਹੋਰਨਾਂ ਪਿੰਡਾਂ ਅੰਦਰ ਜਾ ਕੇ ਲੋਕਾਂ ਦੇ ਮਸਲੇ ਹੱਲ ਕਰਵਾਏ ਅਤੇ ਕਿਹਾ ਕਿ ਉਹ ਆਪਣੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।
ਇਸ ਮੌਕੇ ਕਾਰਜਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉਪਲ, ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ, ਕਰਨਲ ਜੇ.ਵੀ. ਸਿੰਘ, ਐਡਵੋਕੇਟ ਰਾਹੁਲ ਸੈਣੀ, ਬਲਵਿੰਦਰ ਸੈਣੀ, ਡਾ. ਜਤਿੰਦਰ ਕਾਂਸਲ, ਲਾਲ ਸਿੰਘ, ਸੁਰੇਸ਼ ਕੁਮਾਰ, ਜੇ.ਪੀ.ਐਸ. ਕਾਲੜਾ, ਪਰਦੀਪ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ, ਜਿਨ੍ਹਾਂ ਨੇ ਜਨ ਸੁਵਿਧਾ ਕੈਂਪ ਦੌਰਾਨ ਮੌਕੇ ‘ਤੇ ਹੀ ਲੋਕਾਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕੀਤੀਆਂ।