ਚੰਡੀਗ੍ਹੜ, 06 ਅਪ੍ਰੈਲ, 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਅੱਜ ਜੈਪੁਰ ਵਿੱਚ ਇੱਕ ਵਿਸ਼ਾਲ ਰੈਲੀ ਕਰ ਰਹੀ ਹੈ। ਰੈਲੀ ਵਿੱਚ ਕਾਂਗਰਸ ਦੇ ਸਾਰੇ ਪ੍ਰਮੁੱਖ ਆਗੂ ਪਹੁੰਚ ਚੁੱਕੇ ਹਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਆਗੂ ਸੋਨੀਆ ਗਾਂਧੀ (Sonia Gandhi) ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਤੰਤਰ ਖਤਰੇ ਵਿੱਚ ਹੈ, ਸੰਵਿਧਾਨ ਨੂੰ ਬਦਲਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ |
ਸੋਨੀਆ ਨੇ ਕਿਹਾ ਕਿ ਭਾਜਪਾ ਨੇ ਪਿਛਲੇ 10 ਸਾਲਾਂ ਦੇ ਸ਼ਾਸਨ ਦੌਰਾਨ ਕੋਈ ਕੰਮ ਨਹੀਂ ਕੀਤਾ, ਸਿਰਫ ਭੇਦਭਾਵ ਅਤੇ ਅੱਤਿਆਚਾਰਾਂ ਨੂੰ ਅੱਗੇ ਵਧਾਇਆ ਹੈ। ਸੋਨੀਆ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਨਸਾਫ਼ ਦੀ ਰੌਸ਼ਨੀ ਦੀ ਭਾਲ ਵਿਚ ਇਸ ਵਿਰੁੱਧ ਲੜਨਾ ਚਾਹੀਦਾ ਹੈ। ਕਾਂਗਰਸੀ ਆਗੂ ਨੇ ਅੱਗੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਸਾਡੇ ਦੇਸ਼ ਦੀ ਅਗਵਾਈ ਅਜਿਹੀ ਸਰਕਾਰ ਕਰ ਰਹੀ ਹੈ ਜਿਸ ਨੇ ਬੇਰੁਜ਼ਗਾਰੀ, ਮਹਿੰਗਾਈ, ਭੇਦਭਾਵ ਅਤੇ ਅੱਤਿਆਚਾਰ ਨੂੰ ਉਤਸ਼ਾਹਿਤ ਕੀਤਾ ਹੈ। ਮੋਦੀ ਸਰਕਾਰ ਨੇ ਜੋ ਕੀਤਾ ਉਹ ਸਭ ਦੇ ਸਾਹਮਣੇ ਹੈ।
ਸੋਨੀਆ (Sonia Gandhi) ਨੇ ਦੋਸ਼ ਲਾਇਆ ਹੈ ਕਿ ਪੀਐਮ ਮੋਦੀ ਦੇਸ਼ ਅਤੇ ਦੇਸ਼ ਦੇ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਡਰਾਉਣ-ਧਮਕਾਉਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਵਰਤੇ ਜਾ ਰਹੇ ਹਨ।