ਸੋਨੀਆ ਗਾਂਧੀ

ਸੋਨੀਆ ਗਾਂਧੀ ਨੇ CEC ਦੀ ਬੁਲਾਈ ਪਹਿਲੀ ਬੈਠਕ, ਉਮੀਦਵਾਰਾਂ ਨੂੰ ਲੈ ਕੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ 13 ਜਨਵਰੀ ਨੂੰ ਦੇਰ ਰਾਤ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹਨ ਅਤੇ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ 14 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਣਾ ਹੈ। ਕਾਂਗਰਸੀ ਆਗੂਆਂ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰਾਂ ਦੀ ਸੂਚੀ 2 ਜਾਂ 3 ਪੜਾਵਾਂ ਵਿੱਚ ਜਾਰੀ ਕੀਤੀ ਜਾ ਸਕਦੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 13 ਜਨਵਰੀ ਨੂੰ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਬੁਲਾਈ ਹੈ।

ਕੋਰੋਨਾ ਕਹਿਰ ਦੌਰਾਨ , ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਸ ਵਿੱਚ ਦੂਰੀ ਬਣਾਈ ਰੱਖਣਾ ਅਤੇ ਵਰਚੁਅਲ ਤਰੀਕ਼ੇ ਨਾਲ ਬੈਠਕ ਕਰਨਾ ਹੀ ਉਚਿੱਤ ਸਮਝਿਆ। ਇਸ ਬੈਠਕ ਵਿੱਚ ਸੋਨੀਆ ਤੋਂ ਇਲਾਵਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਡਾ: ਮਨਮੋਹਨ ਸਿੰਘ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਣਗੇ। ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਚੋਣ ਕਰਨ ਦੇ ਉਦੇਸ਼ ਨਾਲ ਸਕਰੀਨਿੰਗ ਕਮੇਟੀ ਦੀਆਂ ਕਈ ਬੈਠਕਾਂ ਹੋ ਚੁੱਕੀਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਪਹਿਲੀ ਸੂਚੀ ਵਿੱਚ 70 ਤੋਂ 80 ਕਾਂਗਰਸੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

ਪਹਿਲੀ ਸੂਚੀ ‘ਚ ਉਨ੍ਹਾਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ, ਜਿਨ੍ਹਾਂ ‘ਤੇ ਪਾਰਟੀ ਨੇ ਸਹਿਮਤੀ ਜਤਾਈ ਹੈ। ਮੰਨਿਆ ਜਾ ਰਿਹਾ ਹੈ ਕਿ ਜਿਨ੍ਹਾਂ ਸੀਟਾਂ ‘ਤੇ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਮਤਭੇਦ ਪੈਦਾ ਹੋ ਰਹੇ ਹਨ, ਉਨ੍ਹਾਂ ਉਮੀਦਵਾਰਾਂ ਦਾ ਐਲਾਨ ਕੁਝ ਸਮੇਂ ਬਾਅਦ ਕੀਤਾ ਜਾਵੇਗਾ। ਇਨ੍ਹਾਂ ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

Scroll to Top