ਚੰਡੀਗੜ੍ਹ 23 ਮਾਰਚ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜ ਯਾਨੀ ਬੁੱਧਵਾਰ ਨੂੰ ਲੋਕ ਸਭਾ ‘ਚ ਕੇਂਦਰ ਸਰਕਾਰ ਨੂੰ ਕੋਵਿਡ-19 ਕਾਰਨ ਲੰਬੇ ਸਮੇਂ ਤੋਂ ਬੰਦ ਪਏ ਸਕੂਲਾਂ ਨੂੰ ਖੋਲ੍ਹਣ ਤੋਂ ਬਾਅਦ ਮਿਡ-ਡੇ-ਮੀਲ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਤਾਂ ਜੋ ਬੱਚਿਆਂ ਨੂੰ ਗਰਮ ਅਤੇ ਪਕਾਇਆ ਹੋਇਆ ਪੌਸ਼ਟਿਕ ਭੋਜਨ ਮਿਲ ਸਕੇ। ਉਨ੍ਹਾਂ ਸਦਨ ‘ਚ ਸਿਫ਼ਰ ਕਾਲ (Zero Hour) ਦੌਰਾਨ ਇਹ ਮਾਮਲਾ ਉਠਾਇਆ। ਸੋਨੀਆ ਗਾਂਧੀ ਨੇ ਕਿਹਾ ਕਿ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਸਾਡੇ ਬੱਚਿਆਂ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪਿਆ ਹੈ।
ਇਸ ਦੌਰਾਨ ਸੋਨੀਆ ਗਾਂਧੀ ਕਿਹਾ ਕਿ ਦੁਪਹਿਰ ਦਾ ਖਾਣਾ ਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਲਈ ਸੁੱਕੇ ਰਾਸ਼ਨ, ਪੌਸ਼ਟਿਕ ਭੋਜਨ ਦਾ ਕੋਈ ਵਿਕਲਪ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਪਰਿਵਾਰਾਂ ਨੂੰ ਕੋਵਿਡ-19 ਦੇ ਸਮੇਂ ਦੌਰਾਨ ਰੋਜ਼ੀ-ਰੋਟੀ ਦੇ ਸੰਕਟ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਹੁਣ ਕਿਉਂਕਿ ਬੱਚੇ ਸਕੂਲਾਂ ‘ਚ ਜਾ ਰਹੇ ਹਨ, ਉਨ੍ਹਾਂ ਨੂੰ ਵਧੀਆ ਪੋਸ਼ਣ ਦੀ ਲੋੜ ਹੈ। ਰਾਏਬਰੇਲੀ ਤੋਂ ਕਾਂਗਰਸ ਦੇ ਸੰਸਦ ਮੈਂਬਰ ਨੇ ਕਿਹਾ, ”ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਉਹ ਤੁਰੰਤ ਗਰਮ ਅਤੇ ਪਕਾਇਆ ਭੋਜਨ ਮੁਹੱਈਆ ਕਰਵਾਉਣਾ ਸ਼ੁਰੂ ਕਰੇ। ਮਿਡ-ਡੇ-ਮੀਲ ਤੁਰੰਤ ਸ਼ੁਰੂ ਕਰ ਦੇਣਾ ਚਾਹੀਦਾ ਹੈ।