Site icon TheUnmute.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਵਿਦਵਾਨ ਪ੍ਰੋ. ਪਿਆਰਾ ਸਿੰਘ ਭੋਗਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਪ੍ਰੋ. ਪਿਆਰਾ ਸਿੰਘ ਭੋਗਲ

ਚੰਡੀਗੜ੍ਹ, 25 ਮਈ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਸਾਹਿਤਕਾਰ ਅਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਥੇ ਜਾਰੀ ਬਿਆਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪ੍ਰੋ. ਭੋਗਲ (92 ਸਾਲ) ਨੇ ਦਹਾਕਿਆਂ ਤੱਕ ਲੋੜਵੰਦ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ ਦਿੱਤਾ।

ਉਨ੍ਹਾਂ ਹਜ਼ਾਰਾਂ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਸਿੱਖਿਆ ਦੇ ਕੇ ਸਰਕਾਰੀ ਤੇ ਗ਼ੈਰ-ਸਰਕਾਰੀ ਖੇਤਰਾਂ ਵਿੱਚ ਵੱਡੇ ਅਹੁਦਿਆਂ ਤੱਕ ਪਹੁੰਚਣ ਦੇ ਸਮਰੱਥ ਬਣਾਇਆ। ਉਨ੍ਹਾਂ ਤਿੰਨ ਦਰਜਨ ਤੋਂ ਵੱਧ ਆਲੋਚਨਾ, ਨਾਟਕਾਂ, ਕਹਾਣੀਆਂ ਅਤੇ ਨਾਵਲਾਂ ਦੇ ਰੂਪ ਵਿੱਚ ਪੁਸਤਕਾਂ ਲਿਖੀਆਂ। ਉਹ ਜਲੰਧਰ ਲੇਖਕ ਸਭਾ ਅਤੇ ਕੇਂਦਰੀ ਲੇਖਕ ਸਭਾ ਵਿੱਚ ਵੀ ਸਰਗਰਮ ਰਹੇ। ਉਨ੍ਹਾਂ ਦੀ ਸਾਹਿਤਕ ਦੇਣ ਸਦਕਾ ਪੰਜਾਬ ਭਾਸ਼ਾ ਵਿਭਾਗ ਵੱਲੋਂ ਉਨ੍ਹਾਂ ਨੂੰ ਸ਼੍ਰੋਮਣੀ ਸਾਹਿਤਕਾਰ ਵਜੋਂ ਸਨਮਾਨਿਤ ਕੀਤਾ ਗਿਆ।

ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪ੍ਰੋ. ਪਿਆਰਾ ਸਿੰਘ ਭੋਗਲ ਦੇ ਵਿਛੋੜੇ ਨਾਲ ਪੰਜਾਬੀ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

Exit mobile version