June 30, 2024 9:04 pm
ਗੁਰਦੁਆਰਾ ਜੰਡ ਸਾਹਿਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਟੇਕਿਆ ਮੱਥਾ

ਬਠਿੰਡਾ, 14 ਮਾਰਚ 2023 : ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਗੁਰੂ ਹਰਰਾਇ ਜੀ ਦੇ ਗੁਰੂਗੱਦੀ ਦਿਵਸ ਅਤੇ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਲਾਲ ਅਗਰਵਾਲ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਬੰਧਕਾਂ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਸਮੂਹ ਸੰਗਤਾਂ ਨਾਲ ਫ਼ਤਿਹ ਦੀ ਸਾਂਝ ਪਾਈ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਕਿਉਂਕਿ ਉਨ੍ਹਾਂ ਨੂੰ ਅੱਜ ਇੱਥੇ ਗੁਰੂ ਹਰਰਾਇ ਜੀ ਦੇ ਗੁਰੂਗੱਦੀ ਦਿਵਸ ਦੇ ਇਸ ਸ਼ੁਭ ਦਿਹਾੜੇ ਮੌਕੇ ਸਮੂਹ ਸੰਗਤਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਜਿੰਮਾ ਵੀ ਉਠਾਉਣ।

ਇਸ ਤੋਂ ਪਹਿਲਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਨਵੀਂ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਤੇ ਲਾਇਬ੍ਰੇਰੀ ਲਈ 1 ਲੱਖ ਰੁਪਏ ਦਾ ਚੈਂਕ ਵੀ ਪ੍ਰਬੰਧਕਾਂ ਨੂੰ ਭੇਂਟ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਇੱਥੇ ਮੁਫ਼ਤ ਆਯੂਰਵੈਦਿਕ ਚੈੱਕ-ਅੱਪ ਕੈਂਪ ਦਾ ਉਦਘਾਟਨ ਇਕ ਬੱਚੀ ਕੋਲੋਂ ਕਰਵਾਇਆ। ਇਸ ਮੌਕੇ ਸ. ਸੰਧਵਾਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਆਪਣੇ ਹੱਥੀ ਬੂਟਾ ਵੀ ਲਗਾਇਆ ਅਤੇ ਸੰਗਤਾਂ ਨੂੰ ਬੂਟਿਆਂ ਦੇ ਪ੍ਰਸ਼ਾਦ ਦੀ ਵੰਡ ਵੀ ਕੀਤੀ।

ਇਸ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਗੁਰੂਦੁਆਰਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਕੀਰਤਨ ਦਾ ਆਨੰਦ ਮਾਣਿਆ। ਇਸ ਮੌਕੇ ਭਾਈ ਅਮਨਦੀਪ ਸਿੰਘ ਦਮਦਮਾ ਸਾਹਿਬ ਪੰਜ ਪਿਆਰੇ ਵਲੋਂ ਕਥਾ ਸੁਣਾ ਕੇ ਅਤੇ ਭਾਈ ਲਖਵਿੰਦਰ ਸਿੰਘ ਬਠਿੰਡਾ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਜੰਡ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਪੀਕਰ ਸ. ਸੰਧਵਾਂ ਅਤੇ ਹੋਰ ਪਹੁੰਚੀਆਂ ਸਖਸ਼ੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।