ਚੰਡੀਗੜ੍ਹ 29 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖ ਕੇ ਚੰਡੀਗੜ੍ਹ ਨੂੰ ਪੰਜਾਬ ਦੇ ਨਿਵਾਸੀਆਂ ਲਈ ਹਥਿਆਰ ਲਾਇਸੈਂਸ ਦੇ ਅਧਿਕਾਰ ਖੇਤਰ ‘ਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਸਲਾ ਐਕਟ ਤਹਿਤ ਕੁਝ ਸੋਧਾਂ ਦੀ ਲੋੜ ‘ਤੇ ਜ਼ੋਰ ਦਿੱਤਾ ਹੈ। ਜਿਕਰਯੋਗ ਹੈ ਕਿ ਮੌਜੂਦਾ ਨਿਯਮਾਂ ਮੁਤਾਬਕ ਪੰਜਾਬ ਦੇ ਨਿਵਾਸੀਆਂ ਨੂੰ ਚੰਡੀਗੜ੍ਹ ‘ਚ ਲਾਇਸੈਂਸਸ਼ੁਦਾ ਹਥਿਆਰ ਰੱਖਣ ਲਈ ਵੱਖਰੇ ਤੌਰ ‘ਤੇ ਇਜਾਜ਼ਤ ਲਈ ਅਰਜ਼ੀ ਦੇਣੀ ਪੈਂਦੀ ਹੈ, ਇਸ ਕਰਕੇ ਉਨ੍ਹਾਂ ਨੂੰ ਦੇਰੀ ਅਤੇ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਲਿਖਿਆ ਕਿ ਜਦੋਂ ਪੰਜਾਬ ਦੇ ਨਿਵਾਸੀ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੰਦੇ ਹਨ ਤਾਂ ਇਸ ‘ਚ ਅਧਿਕਾਰ ਖੇਤਰ ਸਿਰਫ਼ ਪੰਜਾਬ ਸੂਬੇ ਤੱਕ ਸੀਮਿਤ ਹੁੰਦਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਪੱਤਰ ‘ਚ ਲਿਖਿਆ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ ਇਹ ਪੰਜਾਬ ਦਾ ਪ੍ਰਸ਼ਾਸਕੀ ਕੇਂਦਰ ਹੈ। ਪੰਜਾਬ ਦੇ ਜ਼ਿਆਦਾਤਰ ਨਿਵਾਸੀ ਚੰਡੀਗੜ੍ਹ ‘ਚ ਰਹਿੰਦੇ ਹਨ ਅਤੇ ਅਕਸਰ ਸਰਕਾਰੀ ਅਤੇ ਨਿੱਜੀ ਕੰਮਾਂ ਦੇ ਸਬੰਧ ‘ਚ ਚੰਡੀਗੜ੍ਹ ਆਉਂਦੇ-ਜਾਂਦੇ ਰਹਿੰਦੇ ਹਨ। ਇਸ ਲਈ ਜਦੋਂ ਪੰਜਾਬ ਦੇ ਨਿਵਾਸੀਆਂ ਨੂੰ ਹਥਿਆਰ ਦਾ ਲਾਇਸੈਂਸ ਜਾਰੀ ਕੀਤਾ ਜਾਂਦਾ ਹੈ ਤਾਂ ਚੰਡੀਗੜ੍ਹ ਨੂੰ ਵੀ ਇਸਦੇ ਅਧਿਕਾਰ ਖੇਤਰ ‘ਚ ਖੁਦ-ਬ-ਖੁਦ ਸ਼ਾਮਲ ਕਰਨਾ ਪੂਰੀ ਤਰ੍ਹਾਂ ਤਰਕਸੰਗਤ ਅਤੇ ਵਿਹਾਰਕ ਹੋਵੇਗਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕੀਤੀ ਕਿ ਉਹ ਸਬੰਧਤ ਨਿਯਮਾਂ/ਦਿਸ਼ਾ-ਨਿਰਦੇਸ਼ਾਂ ‘ਚ ਸੋਧ ਲਈ ਸਬੰਧਤ ਅਧਿਕਾਰੀਆਂ ਨੂੰ ਬਣਦੇ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਯਕੀਨੀ ਬਣਾਉਣ।
Read More: ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ‘ਚ ਲੱਗਣਗੇ ਸਿਹਤ ਕੈਂਪ: ਡਾ. ਬਲਜੀਤ ਕੌਰ




