ਫ਼ਰੀਦਕੋਟ 17 ਦਸੰਬਰ 2022: ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਧੂੜਕੋਟ ਵਿਖੇ ਬਾਬਾ ਕਾਸ਼ੀ ਰਾਮ ਜੀ ਦੀ ਯਾਦ ਵਿੱਚ ਕਰਵਾਏ ਜਾ ਰਹੇ ਸ਼ਾਨਦਾਰ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਆਯੋਜਿਤ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਦੇ ਵਿੱਚ ਵਿਸ਼ੇਸ਼ ਮਹੱਤਵ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਲੈਣੀ ਚਾਹੀਦੀ ਹੈ ਅਤੇ ਇਹ ਖੇਡ ਜ਼ਰੂਰ ਅਪਣਾਉਣੀ ਚਾਹੀਦੀ ਹੈ।
ਇਸ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਐਮ.ਐਲ.ਏ ਬਣਾਇਆ ਹੈ ਜਿਸ ਦੇ ਲਈ ਉਹ ਸਦਾ ਰਿਣੀ ਰਹਿਣਗੇ। ਇਸ ਦੌਰਾਨ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿਕਾਸ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਸਕੂਲ ਦੇ ਮੁਖੀ ਨੂੰ ਸੌਂਪਿਆ। ਉਨ੍ਹਾਂ ਨੇ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪਿੰਡ ਦੇ ਕਬੱਡੀ ਕਲੱਬ ਦੇ ਖਿਡਾਰੀਆਂ ਨੂੰ ਦਿੱਤਾ। ਉਨ੍ਹਾਂ ਨੇ ਪਿੰਡ ਵਿਚ ਬਾਸਕਟਬਾਲ ਦੀ ਗਰਾਉਂਡ ਬਣਾਉਣ ਦੀ ਵੀ ਘੋਸ਼ਣਾ ਕੀਤੀ। ਉਨ੍ਹਾਂ ਨੇ ਪਿੰਡ ਦੇ ਛੱਪੜ ਦੀ ਸਫਾਈ ਜਲਦ ਕਰਵਾਉਣ ਲਈ ਕਿਹਾ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵੀ ਹਾਜ਼ਰ ਸਨ।