ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵੱਲੋਂ ਸ਼ਹੀਦੀ ਸਭਾ ਦੌਰਾਨ ਵੱਖ-ਵੱਖ ਕੈਂਪ ਲਗਾ ਕੇ ਸ਼ਹੀਦਾਂ ਦੀ ਯਾਦ ‘ਚ ਸਮਾਗਮਾਂ ਦਾ ਆਯੋਜਨ

ਫਤਹਿਗੜ੍ਹ ਸਾਹਿਬ 22 ਦਸੰਬਰ 2022: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਹੀਦੀ ਸਭਾ ਮੌਕੇ ਵੱਖ-ਵੱਖ ਸੇਵਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਯੂਨੀਵਰਸਿਟੀ ਦੇ ਲੋਕ ਸੰਪਰਕ ਦਫ਼ਤਰ ਵੱਲੋਂ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ: ਅਜਾਇਬ ਸਿੰਘ ਬਰਾੜ, ਯੂਨੀਵਰਸਿਟੀ ਦੇ ਟਰੱਸਟ ਦੇ ਮੈਂਬਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਵਾਈਸ ਚਾਂਸਲਰ ਡਾ: ਪ੍ਰਿਤ ਪਾਲ ਸਿੰਘ ਅਤੇ ਡੀਨ ਅਕਾਦਮਿਕ ਮਾਮਲੇ ਡਾ: ਐੱਸ.ਐੱਸ.ਬਿਲਿੰਗ ਨੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ।

ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ: ਅਜਾਇਬ ਸਿੰਘ ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯੂਨੀਵਰਸਿਟੀ, ਸਿੱਖਿਆ ਦੇ ਉਦੇਸ਼ ਅਤੇ ਗੁਰੂਆਂ ਦੇ ਪਵਿੱਤਰ ਸੰਦੇਸ਼ ਨੂੰ ਨੌਜਵਾਨਾਂ ਵਿੱਚ ਫੈਲਾਉਣ ਲਈ ਪੂਰੀ ਤਨਦੇਹੀ ਨਾਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਰਬੱਤ ਦਾ ਭਲਾ ਅਤੇ ਖਾਸ ਕਰਕੇ ਲੋੜਵੰਦਾਂ ਅਤੇ ਗਰੀਬਾਂ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ। ਇਸ ਆਦੇਸ਼ ਦੇ ਨਾਲ, ਯੂਨੀਵਰਸਿਟੀ ਦਾ ਫੋਕਸ ਹਰੇਕ ਵਿਦਿਆਰਥੀ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਭਾ ਦੌਰਾਨ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਇੰਗਲੈਂਡ ਵੱਲੋਂ ਵਰਲਡ ਯੂਨੀਵਰਸਿਟੀ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਕੈਂਸਰ ਜਾਂਚ ਅਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ, ਮੁਫ਼ਤ ਫਿਜ਼ੀਓਥੈਰੇਪੀ ਅਤੇ ਹੋਮਿਓਪੈਥੀ ਕੈਂਪ, ਪੁਸਤਕ ਪ੍ਰਦਰਸ਼ਨੀ, ਦਸਤਾਰ ਸਿਖਲਾਈ ਕੈਂਪ ਅਤੇ ਧਾਰਮਿਕ ਦਸਤਾਵੇਜ਼ੀ ਫ਼ਿਲਮਾਂ ਦੀ ਸਕਰੀਨਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਟਾਫ਼ ਬੜੀ ਹੀ ਸਮਰਪਿਤ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਯੂਨੀਵਰਸਿਟੀ ਦੇ ਮੰਤਵਾਂ ‘ਤੇ ਚਰਚਾ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ ਤਾਂ ਜੋ ਉਹ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਅਤੇ ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਤੋਂ ਸੇਧ ਲੈ ਸਕਣ।

ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਨੂੰ ਸਫਲਤਾ ਦੇ ਸਿਖਰ ‘ਤੇ ਲਿਜਾਣਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇਸ ਦੀ ਨੁਮਾਇੰਦਗੀ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦਾ ਨਾਂ ਆਪਣੇ ਆਪ ਵਿੱਚ ਹੀ ਹਰ ਸਿੱਖ ਨੂੰ ਅਪਣੇ ਨਾਲ ਜੋੜਦਾ ਹੈ ਅਤੇ ਹਰ ਸਿੱਖ ਦਾ ਫਰਜ਼ ਬਣਦਾ ਹੈ ਕਿ ਉਹ ਯੂਨੀਵਰਸਿਟੀ ਦੇ ਵਿਕਾਸ ਵਿੱਚ ਯੋਗਦਾਨ ਪਾਵੇ।

Scroll to Top