ਸ੍ਰੀ ਮੁਕਤਸਰ ਸਾਹਿਬ, 09 ਅਕਤੂਬਰ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਪੁਲਿਸ ਨੇ ਆਉਣ ਵਾਲੇ ਤਿਉਹਾਰਾਂ ਅਤੇ ਝੋਨੇ ਦੁ ਸੀਜਨ ਦੇ ਮੱਦੇ ਨਜ਼ਰ ਅੰਤਰਰਾਜੀ ਨਾਕਿਆਂ ਤੇ ਚੌਕਸੀ ਹੋਰ ਵੀ ਸਖਤ ਕਰ ਦਿੱਤੀ ਹੈ। ਅੱਜ ਫਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੰਟਰਸਟੇਟ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਪੁਲਿਸ ਮੁਲਾਜਮਾਂ ਨਾਲ ਗੱਲ ਬਾਤ ਕੀਤੀ ਅਤੇ ਡਿਊਟੀ ਪ੍ਰਤੀ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਡੀਐਸਪੀ ਲੰਬੀ ਜਸਪਾਲ ਸਿੰਘ ਅਤੇ ਥਾਣਾ ਕਿੱਲਿਆਂਵਾਲੀ ਦੇ ਮੁੱਖ ਥਾਣਾ ਅਫਸਰ ਕਰਮਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਆਈ ਜੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਆ ਰਹੇ ਤਿਉਹਾਰਾਂ ਦੇ ਮੱਦੇਨਜ਼ਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀ ਸਰਹੱਦ ਤੇ ਕੁੱਲ 08 ਨਾਕੇ ਲਗਾਏ ਗਏ ਹਨ ਜਿਨ੍ਹਾ ਤੇ 24 ਘੰਟੇ ਸਿਫਟ ਵਾਇਜ਼ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਰਹੇਗੀ। ਉਹਨਾਂ ਦੱਸਿਆ ਕਿ ਇਹਨਾਂ ਨਾਕਿਆਂ ਤੇ ਹਰ ਸ਼ੱਕੀ ਵਿਅਕਤੀਆਂ ਅਤੇ ਗੱਡੀਆਂ ਦੀ ਦਿਨ ਰਾਤ ਲਗਾਤਾਰ ਚੈਕਿੰਗ ਕੀਤੀ ਜਾਏਗੀ । ਉਨ੍ਹਾ ਕਿਹਾ ਕਿ ਇਸ ਤੋਂ ਇਲਾਵਾ ਥਾਣਾ ਕਿਲਿਆਵਾਲੀ ਦੀ ਪੁਲਿਸ ਟੀਮ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ ।
ਉਨ੍ਹਾ ਦੱਸਿਆ ਕਿ ਪੁਲਿਸ ਮੁਲਾਜਮਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਚੌਕਸੀ ਨਾਲ ਨਿਭਾਉਣ ਲਈ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕਰਨਗੇ ਅਤੇ ਨਾ ਹੀ ਉਹ ਕਿਸੇ ਕਿਸਮ ਦਾ ਬਹਾਨਾ ਸੁਣਨਗੇ। ਉਨ੍ਹਾਂ ਨਾਕਿਆਂ ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਝੋਨੇ ਨੂੰ ਪੂਰੀ ਸਖਤੀ ਨਾਲ ਰੋਕਣ ਲਈ ਵੀ ਕਿਹਾ।
ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਨਾਕਿਆਂ ਤੇ ਸੀਸੀਟੀਵੀ ਕੈਮਰੇ ਲਾਏ ਗਏ ਹਨ। ਸੁਰੱਖਿਆ ਪ੍ਰਬੰਧਾਂ ਨੂੰ ਹੋਰ ਅਸਰਦਾਰ ਬਣਾਉਣ ਲਈ ਤੇਜ਼ ਰੋਸ਼ਨੀ ਵਾਲੀਆਂ ਟਾਰਚਾਂ ਅਤੇ ਵੱਡੀਆਂ ਸਰਚ ਲਾਈਟਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਇਸ ਮੌਕੇ ਪੁਲਿਸ ਮੁਲਾਜ਼ਮਾਂ ਨੂੰ ਹਰ ਆਉਣ ਜਾਣ ਵਾਲੀ ਗੱਡੀ ਦੀ ਪੂਰੀ ਬਰੀਕੀ ਨਾਲ ਜਾਂਚ ਕਰਨ ਲਈ ਵੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਅਮਨ ਕਾਨੂੰਨ ਲਈ ਖਤਰਾ ਬਣਨ ਵਾਲਿਆਂ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਬਖਸ਼ਿਆ ਨਹੀਂ ਜਾਏਗਾ।