ਸ੍ਰੀ ਮੁਕਤਸਰ ਸਾਹਿਬ 24 ਜਨਵਰੀ 2023: ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਅਦਾਲਤ ਨੇ ਉਸ ਨੂੰ 6 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ । ਸ੍ਰੀ ਮੁਕਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ 22 ਜਨਵਰੀ ਨੂੰ ਟਰਾਂਜ਼ਿਟ ਰਿਮਾਂਡ ’ਤੇ ਦਿੱਲੀ ਤੋਂ ਪੰਜਾਬ ਲਿਆਂਦਾ ਸੀ। ਅਦਾਲਤ ਨੇ ਉਸ ਨੂੰ 24 ਜਨਵਰੀ ਤੱਕ ਰਿਮਾਂਡ ’ਤੇ ਪੁਲਿਸ ਹਵਾਲੇ ਕਰ ਦਿੱਤਾ।
ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਵਿਖੇ ਦਰਜ ਐਫਆਈਆਰ ਨੰਬਰ 67 ਵਿੱਚ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਲਿਆਂਦਾ ਗਿਆ ਹੈ। ਸਾਲ 2021 ਵਿੱਚ ਹਰਪਾਲ ਸਿੰਘ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 3 ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਪੈਸੇ ਨਾ ਦੇਣ ‘ਤੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜੱਗੂ ਭਗਵਾਨਪੁਰੀਆ ਇਸ ਮਾਮਲੇ ਵਿਚ ਸ਼ਾਮਲ ਸੀ |