Site icon TheUnmute.com

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ: ਸ਼੍ਰੋਮਣੀ ਕਮੇਟੀ ਪ੍ਰਧਾਨ

Gurcharan Grewal

ਅੰਮ੍ਰਿਤਸਰ 23 ਮਾਰਚ 2022 : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ (Sant Giani Jarnail Singh Khalsa Bhindrawale) ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ।

ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖਿਤਾਬ ਬਖਸ਼ਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜਬਰੀ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਿਸ ਪ੍ਰਸਾਸ਼ਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਦੇ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ।

ਉਨ੍ਹਾਂ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਕਿੰਤੂ ਕਰਨਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ, ਪਰੰਤੂ ਹਿਮਾਚਲ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

Exit mobile version