July 2, 2024 8:34 pm
Ludhiana court complex

ਲੁਧਿਆਣਾ ਦੀ ਅਦਾਲਤ ਕੰਪਲੈਕਸ ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਇੰਨ੍ਹਾਂ ਸਿਆਸੀ ਆਗੂਆਂ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ 23 ਦਸੰਬਰ 2021: ਲੁਧਿਆਣਾ ਅਦਾਲਤ ਕੰਪਲੈਕਸ (Ludhiana court complex) ‘ਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੀ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਘਟਨਾ ਦੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਦੱਸਦਿਆਂ ਨਿੰਦਾ ਕੀਤੀ ਹੈ।

ਰੰਧਾਵਾ ਨੇ ਕਿਹਾ-ਬਾਹਰੀ ਤਾਕਤਾਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾਂਦਾ
ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੀ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਇਸ ਲਈ ਅਸੀਂ ਬਾਹਰੀ ਤਾਕਤਾਂ ਦੀ ਸੰਭਾਵਨਾ ਸਮੇਤ ਕਿਸੇ ਵੀ ਚੀਜ਼ ਤੋਂ ਇਨਕਾਰ ਨਹੀਂ ਕਰ ਸਕਦੇ ਕਿਉਂਕਿ ਉਹ ਕਦੇ ਨਹੀਂ ਚਾਹੁੰਦੇ ਕਿ ਪੰਜਾਬ ਸਥਿਰ ਰਹੇ।

CM ਚੰਨੀ ਨੇ ਕਿਹਾ-ਹੋਵੇਗੀ ਕਾਰਵਾਈ
ਦੂਜੇ ਪਾਸੇ ਪੰਜਾਬ ਸੀ.ਐਮ ਚਰਨਜੀਤ ਚੰਨੀ ਨੇ ਕਿਹਾ ਕਿ ਲੁਧਿਆਣਾ (Ludhiana)ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਮੈਂ ਬਹੁਤ ਜਲਦੀ ਧਮਾਕੇ ਵਾਲੀ ਥਾਂ ‘ਤੇ ਪਹੁੰਚ ਰਿਹਾ ਹਾਂ ਅਤੇ ਮੈਂ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਸਿੱਧੂ ਨੇ ਦੱਸਿਆ ਕਿ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਲੁਧਿਆਣਾ (Ludhiana)ਦੀ ਅਦਾਲਤ ‘ਚ ਧਮਾਕਾ ਇਸ ਗੱਲ ‘ਚ ਕੋਈ ਸ਼ੱਕ ਨਹੀਂ ਛੱਡਦਾ ਕਿ ਪੰਜਾਬ ‘ਚ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕਰਨ ਲਈ ਨਿੱਜੀ ਹਿੱਤਾਂ ਵੱਲੋਂ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ਦੀ ਇੱਕ ਲੜੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਘਟਨਾ ‘ਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।

ਕੈਪਟਨ ਨੇ ਕਿਹਾ ਪ੍ਰੇਸ਼ਾਨ ਕਰਨ ਵਾਲੀ ਖਬਰ
ਲੁਧਿਆਣਾ ਅਦਾਲਤ ‘ਚ ਹੋਏ ਧਮਾਕੇ ਤੋਂ ਬਾਅਦ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਲੁਧਿਆਣਾ ਅਦਾਲਤ ‘ਚ ਹੋਏ ਧਮਾਕੇ ਦੀ ਖਬਰ ਪਰੇਸ਼ਾਨ ਕਰਨ ਵਾਲੀ ਹੈ। ਮੈਨੂੰ ਅਫਸੋਸ ਹੈ, ਮੈਂ ਜ਼ਖਮੀਆਂ ਦੇ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪੰਜਾਬ ਪੁਲਸ ਨੂੰ ਇਸ ਦੀ ਤਹਿ ਤੱਕ ਜਾਣਾ ਚਾਹੀਦਾ ਹੈ।

ਸੁਖਬੀਰ ਨੇ ਸਰਕਾਰ ਨੂੰ ਕੀਤੀ ਹਦਾਇਤ
ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਲੁਧਿਆਣਾ ‘ਚ ਧਮਾਕੇ ਦੀ ਖਬਰ ਸੁਣ ਕੇ ਉਹ ਸਦਮੇ ‘ਚ ਹਨ। ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ। ਪੰਜਾਬ ਸਰਕਾਰ ਨੂੰ ਰਾਜ ‘ਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਯਕੀਨੀ ਬਣਾਉਣ ਲਈ ਸਿਆਸੀ ਬਦਲਾਖੋਰੀ ਦੀ ਬਜਾਏ ਕਾਨੂੰਨ ਵਿਵਸਥਾ ‘ਤੇ ਧਿਆਨ ਦੇਣਾ ਚਾਹੀਦਾ ਹੈ।

ਕੇਜਰੀਵਾਲ ਨੇ ਏਕਤਾ ਦੀ ਕੀਤੀ ਅਪੀਲ
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਾਨੂੰ ਇੱਕ ਦੂਜੇ ਦਾ ਹੱਥ ਫੜਨਾ ਪਵੇਗਾ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।