ਚੰਡੀਗੜ੍ਹ, 24 ਮਾਰਚ 2023: ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇੱਕ ਕਾਰ ਵਿੱਚ ਸਵਾਰ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰੈਸ ਕਾਨਫਰੰਸ ਦੌਰਾਨ ਐਸਟੀਐਫ ਲੁਧਿਆਣਾ ਰੇਂਜ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕੁਹਾੜੇ ਨੇੜੇ ਨਾਕਾਬੰਦੀ ਦੌਰਾਨ ਇੱਕ ਕਾਰ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਕਰਦੇ ਆ ਰਹੇ ਹਨ ਅਤੇ ਇਨ੍ਹਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੋਂ ਅਜੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।