ਚੰਡੀਗੜ੍ਹ, 14 ਨਵੰਬਰ 2024: 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਮੌਕੇ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਖੇਤੀਬਾੜੀ ਉਤਪਾਦਾਂ ਦੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਵਿੱਚ ਸਹਿਕਾਰੀ ਸਭਾਵਾਂ (cooperative sector) ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੇਂਡੂ ਆਰਥਿਕਤਾ ਨੂੰ ਉਤਸ਼ਾਹਿਤ ਕੀਤਾ ਜਾਵੇ, ਜੋ ਕਿਸਾਨਾਂ ਦੀ ਕਿਸਮਤ ਬਦਲਣ ‘ਚ ਮਹੱਤਵਪੂਰਨ ਸਿੱਧ ਹੋਵੇਗਾ।
ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਤਪਾਦ ਨਿਰਯਾਤ ਕਰਨਾ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ‘ਚ ਸਹਿਕਾਰਤਾ ਖੇਤਰ (cooperative sector) ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇ ਸਮੇਂ ਵਿੱਚ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਅਹਿਮ ਭੂਮਿਕਾ ਨਿਭਾਈ ਹੈ।
ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ/ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਲਈ ਸਹਿਕਾਰੀ ਖੇਤਰ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਖੇਤੀ ਉਤਪਾਦਾਂ ਦੇ ਮੁੱਲ ‘ਚ ਵਾਧਾ ਕਰਕੇ ਆਪਣੇ ਉਤਪਾਦ ਵੇਚਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਖਾਸ ਕਰਕੇ ਦਿੱਲੀ ਵਰਗੀਆਂ ਮੰਡੀਆਂ ‘ਚ ਜਿੱਥੇ ਨਕਲੀ ਉਤਪਾਦ ਵਿਕ ਰਹੇ ਹਨ, ਉੱਥੇ ਕਿਸਾਨ ਆਪਣੇ ਉਤਪਾਦ ਚੰਗੇ ਭਾਅ ‘ਤੇ ਵੇਚ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਅੱਗੇ ਆ ਕੇ ਇਸ ਚੁਣੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਧੇ ਅਤੇ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ।
ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਖੇਤਰ ਇਕੱਲਾ ਇਹ ਕੰਮ ਨਹੀਂ ਕਰ ਸਕਦਾ, ਸਗੋਂ ਵੱਖ-ਵੱਖ ਵਿਭਾਗਾਂ ਜਿਵੇਂ ਕਿ ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਲਈ ਬੇਮਿਸਾਲ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਇਸ ਨਾਲ ਇੱਕ ਪਾਸੇ ਕਿਸਾਨਾਂ ਦੀ ਆਮਦਨ ‘ਚ ਵਾਧਾ ਹੋਵੇਗਾ ਅਤੇ ਦੂਜੇ ਪਾਸੇ ਖਪਤਕਾਰਾਂ ਨੂੰ ਮਿਆਰੀ ਭੋਜਨ ਦੀ ਸਪਲਾਈ ਯਕੀਨੀ ਹੋਵੇਗੀ।
ਉਨ੍ਹਾਂ ਕਿਹਾ ਕਿ ਭਾਰਤ ‘ਚ ਸਹਿਕਾਰਤਾ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਵਰਗ ਨੂੰ ਬਹੁਤ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ‘ਚ ਆਤਮ-ਨਿਰਭਰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਜਿਹੇ ਸਮਾਗਮ ਪੂਰੇ ਉਤਸ਼ਾਹ ਨਾਲ ਮਨਾ ਕੇ ਸਹਿਕਾਰਤਾ ਲਹਿਰ ਨੂੰ ਹੋਰ ਉਤਸ਼ਾਹਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਆਸ ਪ੍ਰਗਟਾਈ ਕਿ ਰਾਸ਼ਟਰੀ ਸਹਿਕਾਰੀ ਸਪਤਾਹ ਦੌਰਾਨ ਹਫ਼ਤਾ ਭਰ ਚੱਲਣ ਵਾਲੇ ਪ੍ਰੋਗਰਾਮ ਯਕੀਨੀ ਤੌਰ ‘ਤੇ ਸੂਬੇ ਦੇ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਟਿਕਾਊ ਅਤੇ ਸਮਾਵੇਸ਼ੀ ਟੀਚਿਆਂ ਦੀ ਪ੍ਰਾਪਤੀ ਲਈ ਇਸ ਸ਼ਾਨਦਾਰ ਸਹਿਕਾਰੀ ਲਹਿਰ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਮਕਸਦ ਸਹਿਕਾਰਤਾ ਲਹਿਰ ਨਾਲ ਜੁੜੇ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣ ਲਈ ਜਾਗਰੂਕ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਪੰਜਾਬ ਦਾ ਸੁਨਹਿਰੀ ਭਵਿੱਖ ਸਹਿਕਾਰੀ ਖੇਤਰ ‘ਚੋਂ ਹੀ ਉਭਰੇਗਾ, ਜਿਸ ‘ਚ ਅਫ਼ਸਰਾਂ ਦੀ ਅਹਿਮ ਭੂਮਿਕਾ ਹੈ।